ਅਮਰੀਕਾ 'ਚ ਗੈਰ-ਕਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਕਾਰਵਾਈ ਲਗਾਤਾਰ ਜਾਰੀ ਹੈ| ਇਸੇ ਕਾਰਵਾਈ ਦੇ ਚੱਲਦੇ ਅਮਰੀਕੀ ਹਿਰਾਸਤ ’ਚ 295 ਹੋਰ ਭਾਰਤੀ ਪ੍ਰਵਾਸੀਆਂ ਨੂੰ ਜਲਦੀ ਹੀ ਵਾਪਸ ਭੇਜਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਜਨਵਰੀ 2025 ਤੋਂ ਲੈ ਕੇ ਹੁਣ ਤਕ 388 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੀ ਨਾਗਰਿਕਤਾ ਦੀ ਪੁਸ਼ਟੀ ਤੋਂ ਬਾਅਦ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ|
ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਅਮਰੀਕਾ ਨੇ ਇਨ੍ਹਾਂ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ, ਜਿਨ੍ਹਾਂ ਨੂੰ ਹਟਾਉਣ ਦੇ ਆਖ਼ਰੀ ਹੁਕਮਾਂ ਦੇ ਨਾਲ ਇਸ ਸਮੇਂ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ਆਈ.ਸੀ.ਈ.) ਵਲੋਂ ਹਿਰਾਸਤ ’ਚ ਰੱਖਿਆ ਗਿਆ ਹੈ। ਭਾਰਤ ਸਰਕਾਰ ਹੁਣ ਉਨ੍ਹਾਂ ਦੀ ਨਾਗਰਿਕਤਾ ਦੇ ਵੇਰਵਿਆਂ ਦੀ ਪੁਸ਼ਟੀ ਕਰ ਰਹੀ ਹੈ।
ਅਮਰੀਕਾ 'ਚ 1700 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀ ਹਿਰਾਸਤ 'ਚ
ਅਮਰੀਕਾ ‘ਚ ਡੋਨਾਲਡ ਟਰੰਪ ਦੀ ਨਵੀਂ ਸਰਕਾਰ ਬਣਦੇ ਹੀ ਅਮਰੀਕਾ ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਡਿਪੋਰਟ ਕੀਤਾ ਜਾ ਰਿਹਾ ਹੈ| ਟਰੰਪ ਦੇ ਰਾਸ਼ਟਰਪਤੀ ਬਣਦੇ ਹੀ 11 ਦਿਨਾਂ ਦੇ ਅੰਦਰ 25 ਹਜ਼ਾਰ ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਦੇ ਲਈ ਟਰੰਪ ਦੀ ਟੀਮ ਨੇ ਅਮਰੀਕਾ ਦੇ 12 ਰਾਜਾਂ ਵਿੱਚ ਛਾਪੇਮਾਰੀ ਕੀਤੀ ਸੀ। ਜਿਸ ਤੋਂ ਬਾਅਦ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲੋਕਾਂ ਨੂੰ ਫੜ ਕੇ ਡਿਪੋਰਟ ਕਰ ਭੇਜਿਆ ਜਾ ਰਿਹਾ ਹੈ। ਇਨ੍ਹਾਂ ਵਿੱਚ 1700 ਗੈਰ-ਕਾਨੂੰਨੀ ਪ੍ਰਵਾਸੀ ਭਾਰਤੀ ਵੀ ਸ਼ਾਮਲ ਹਨ।