ਖ਼ਬਰਿਸਤਾਨ ਨੈੱਟਵਰਕ: ਜਲੰਧਰ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ ਨੇ RTI ਐਕਟੀਵਿਸਟ ਖਿਲਾਫ ਨੋਟਿਸ ਜਾਰੀ ਕੀਤਾ ਹੈ। ਮੇਅਰ ਵਿਨੀਤ ਧੀਰ ਨੇ ਨੋਟਿਸ ਜਾਰੀ ਕਰਦਿਆਂ ਆਰਟੀਆਈ ਐਕਟੀਵਿਸਟ ਸਿਮਰਨਜੀਤ ਸਿੰਘ ਦੇ ਨਗਰ ਨਿਗਮ ਦਫ਼ਤਰ ਦੀ ਇਮਾਰਤ ਵਿੱਚ ਦਾਖਲ ਹੋਣ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜਾਣਕਾਰੀ ਅਨੁਸਾਰ ਜਾਰੀ ਨੋਟਿਸ 'ਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਬਿਨ੍ਹਾਂ ਕਿਸੇ ਦੀ ਇਜਾਜ਼ਤ ਤੇ ਸੰਬੰਧਿਤ ਮੁਲਾਜ਼ਮ ਦੀ ਗੈਰ-ਹਾਜ਼ਰੀ 'ਚ ਨਗਰ ਨਿਗਮ ਦਫ਼ਤਰ 'ਚ ਸਰਕਾਰੀ ਦਸਤਾਵੇਜ਼ਾਂ ਦੀਆਂ ਤਸਵੀਰਾਂ ਖਿੱਚੀਆਂ ਹਨ ਅਤੇ ਉਨ੍ਹਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਵੀ ਕੀਤੀ ਹੈ, ਇਸ ਲਈ ਆਰਟੀਆਈ ਐਕਟੀਵਿਸਟ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।
ਸਰਕਾਰੀ ਰਿਕਾਰਡ ਨਾਲ ਛੇੜਛਾੜ
ਇਸ ਪੂਰੇ ਮਾਮਲੇ 'ਚ ਆਰਟੀਆਈ ਐਕਟੀਵਿਸਟ ਨੇ ਅਜੇ ਤੱਕ ਇਸ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ। ਇਹ ਨੋਟੀਫਿਕੇਸ਼ਨ ਕੱਲ੍ਹ ਯਾਨੀ ਸ਼ੁੱਕਰਵਾਰ ਰਾਤ ਨੂੰ ਜਾਰੀ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ 5 ਮਾਰਚ ਨੂੰ ਬਿਲਡਿੰਗ ਕਲਰਕ ਨਿਤਿਨ ਸ਼ਰਮਾ ਨੇ ਆਰਟੀਆਈ ਐਕਟੀਵਿਸਟ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਸਿਮਰਨਜੀਤ ਸਿੰਘ ਕਿਸੇ ਦੀ ਇਜਾਜ਼ਤ ਤੋਂ ਬਿਨਾਂ ਦਫ਼ਤਰ ਵਿੱਚ ਦਾਖਲ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਸਬੰਧਤ ਕਰਮਚਾਰੀ ਦੀ ਗੈਰਹਾਜ਼ਰੀ ਵਿੱਚ ਰਿਕਾਰਡ ਫਾਈਲਾਂ ਖੋਲ੍ਹੀਆਂ, ਫੋਟੋਆਂ ਖਿੱਚੀਆਂ ਅਤੇ ਸਰਕਾਰੀ ਰਿਕਾਰਡ ਨਾਲ ਛੇੜਛਾੜ ਵੀ ਕੀਤੀ।
ਬਿਨਾਂ ਇਜਾਜ਼ਤ ਦੇ ਨਹੀਂ ਮਿਲੇਗੀ ਐਂਟਰੀ
ਸ਼ਿਕਾਇਤ ਮਿਲਣ 'ਤੇ ਜਲੰਧਰ ਸ਼ਹਿਰ ਦੇ ਮੇਅਰ ਵਿਨੀਤ ਧੀਰ ਅਤੇ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਨੇ ਐਕਟੀਵਿਸਟ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਸਿਮਰਨਜੀਤ ਸਿੰਘ ਨੂੰ ਨਗਰ ਨਿਗਮ ਜਲੰਧਰ ਦੇ ਦਫ਼ਤਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੂੰ ਹੁਣ ਬਿਨਾਂ ਇਜਾਜ਼ਤ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।