ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਦੋ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪਟਿਆਲਾ ਦੇ ਐਸਐਸਪੀ ਨੇ ਐਸਐਚਓ ਯਸ਼ਪਾਲ ਸ਼ਰਮਾ ਅਤੇ ਚੌਕੀ ਇੰਚਾਰਜ ਏਐਸਆਈ ਗੁਰਮੀਤ ਸਿੰਘ ਮਾਵੀ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਇਸ ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 21 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਤੋਂ ਮੰਗੀ ਰਿਪੋਰਟ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ ਤਾਂ ਜੋ ਚੋਣ ਕਮਿਸ਼ਨ ਨੂੰ ਜਾਣਕਾਰੀ ਦਿੱਤੀ ਜਾ ਸਕੇ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਪਹਿਲਾਂ ਹੀ ਰਿਪੋਰਟ ਤਲਬ ਕੀਤੀ ਹੈ।
ਜਾਂਚ ਲਈ SIT ਟੀਮ ਦਾ ਗਠਨ
ਏਡੀਜੀਪੀ ਦੀ ਅਗਵਾਈ ਵਿੱਚ ਟੀਮ ਬਣਾਈ ਗਈ ਹੈ। ਇਸ ਜਾਂਚ ਕਮੇਟੀ ਵਿੱਚ ਡੀਆਈਜੀ ਪਟਿਆਲਾ ਰੇਂਜ ਆਈਪੀਐਸ ਹਰਚਨ ਸਿੰਘ ਭੁੱਲਰ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਡੀਸ਼ਨਲ ਕਮਿਸ਼ਨਰ ਨਰੇਸ਼ ਦੂਬੇ ਸ਼ਾਮਲ ਹਨ ਅਤੇ ਪੂਰੇ ਮਾਮਲੇ ਦੀ ਨਿਗਰਾਨੀ ਕਰਨਗੇ।
2 ਦਿਨਾਂ 'ਚ 16 ਮੌਤਾਂ
ਜ਼ਿਕਰਯੋਗ ਹੈ ਕਿ ਵੀਰਵਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਵੀ ਜ਼ਹਿਰੀਲੀ ਸ਼ਰਾਬ ਕਾਰਨ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾਂ ਵਿੱਚੋਂ 7 ਸੰਗਰੂਰ ਅਤੇ ਇੱਕ ਪਟਿਆਲਾ ਦਾ ਰਹਿਣ ਵਾਲਾ ਹੈ। ਇਸ ਮਾਮਲੇ 'ਚ ਹੁਣ ਤੱਕ 8 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਜਦਕਿ ਅੱਜ 3 ਹੋਰ ਮੌਤਾਂ ਹੋ ਗਈਆਂ ਹਨ। ਜਿਸ ਕਾਰਨ ਇਹ ਅੰਕੜਾ 21 ਤੱਕ ਪਹੁੰਚ ਗਿਆ ਹੈ।
40 ਲੋਕ ਅਜੇ ਵੀ ਹਸਪਤਾਲ ਵਿੱਚ ਹਨ
ਦੱਸਿਆ ਜਾ ਰਿਹਾ ਹੈ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ 40 ਲੋਕ ਅਜੇ ਵੀ ਹਸਪਤਾਲ 'ਚ ਜ਼ੇਰੇ ਇਲਾਜ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਮਰੀਜ਼ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹਨ। ਕੁਝ ਮਰੀਜ਼ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।