ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸੇ ਤਰ੍ਹਾਂ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਕੈਨੇਡਾ ਤੇ ਅਮਰੀਕਾ ਵਿਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ।
ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਭਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਬਟਾਲਾ ਦਾ ਰਹਿਣ ਵਾਲਾ ਸੀ। ਇਸੇ ਤਰ੍ਹਾਂ ਅਮਰੀਕਾ ਵਿਚ ਅਮਨਦੀਪ ਸਿੰਘ ਨਾਂ ਦੇ ਨੌਜਵਾਨ ਦੀ ਸਵੀਮਿੰਗ ਪੂਲ ਵਿਚ ਡੁੱਬਣ ਕਾਰਣ ਮੌਤ ਹੋ ਗਈ। ਉਕਤ ਨੌਜਵਾਨ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ।
ਪ੍ਰਭਜੀਤ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਪਿਤਾ ਨੇ ਕਰਜ਼ਾ ਲੈ ਕੇ ਢਾਈ ਸਾਲ ਪਹਿਲਾਂ ਪ੍ਰਭਜੀਤ ਦੀ ਪਤਨੀ ਨੂੰ ਕੈਨੇਡਾ ਭੇਜਿਆ ਸੀ ਅਤੇ ਫਿਰ ਡੇਢ ਸਾਲ ਪਹਿਲਾਂ ਪ੍ਰਭਜੀਤ ਨੂੰ ਕੈਨੇਡਾ ਭੇਜ ਦਿੱਤਾ ਸੀ, ਜਦੋਂਕਿ ਕੈਨੇਡਾ 'ਚ ਦੋ ਮਹੀਨੇ ਪਹਿਲਾਂ ਪ੍ਰਭਜੀਤ ਦੀ ਪਤਨੀ ਨੇ ਪੁੱਤਰ ਨੂੰ ਜਨਮ ਦਿੱਤਾ ਸੀ। ਪਰ ਕੱਲ੍ਹ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਪ੍ਰਭਜੀਤ ਦੀ ਮੌਤ ਹੋ ਗਈ।
ਪਿਤਾ ਖੇਤੀ ਦਾ ਕੰਮ ਕਰਦੇ ਹਨ
ਪ੍ਰਭਜੀਤ ਦੇ ਪਿਤਾ ਖੇਤੀ ਦਾ ਕੰਮ ਕਰਦੇ ਹਨ। ਬੇਟੇ ਦੀ ਮੌਤ ਦੀ ਖਬਰ ਸੁਣਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗ ਗਿਆ। ਉਥੇ ਰਹਿੰਦੇ ਰਿਸ਼ਤੇਦਾਰਾਂ ਨੇ ਪ੍ਰਭਜੀਤ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ, ਜਿਸ ਨੂੰ ਪਹੁੰਚਣ ਲਈ 10 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ।
ਹੁਸ਼ਿਆਰਪੁਰ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ
ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਸਵੀਮਿੰਗ ਪੂਲ ਵਿੱਚ ਡੁੱਬਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਗੜ੍ਹਦੀਵਾਲਾ, ਹੁਸ਼ਿਆਰਪੁਰ ਵਜੋਂ ਹੋਈ ਹੈ।
5 ਸਾਲ ਪਹਿਲਾਂ ਅਮਰੀਕਾ ਗਿਆ ਸੀ
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਚੰਗੇ ਭਵਿੱਖ ਲਈ 5 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਦਾ ਗ੍ਰੀਨ ਕਾਰਡ ਅਮਰੀਕਾ ਵਿੱਚ ਬਣ ਗਿਆ ਸੀ ਅਤੇ ਉਹ 3 ਮਹੀਨੇ ਬਾਅਦ ਘਰ ਪਰਤਣ ਵਾਲਾ ਸੀ। ਪਰ ਉਸਦੇ ਆਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਦੀ ਖਬਰ ਸਾਹਮਣੇ ਆ ਗਈ।
ਪਰਿਵਾਰ ਉਤੇ ਡਿੱਗਾ ਦੁੱਖਾਂ ਦਾ ਪਹਾੜ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਦੀ ਲਾਸ਼ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਜਦੋਂ ਤੋਂ ਪੁੱਤਰ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ, ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਜਿਸ ਘਰ ਵਿੱਚ ਪੁੱਤਰ ਦੇ ਆਉਣ ਦੀ ਤਿਆਰੀ ਵਿੱਚ ਖੁਸ਼ੀਆਂ ਹੋਣੀਆਂ ਸਨ, ਅੱਜ ਉਸ ਘਰ ਵਿੱਚ ਸੋਗ ਛਾ ਗਿਆ।