ਖਬਰਿਸਤਾਨ, ਨੈੱਟਵਰਕ ਜਲੰਧਰ- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਸਿੱਧ ਬਾਬਾ ਸੋਢਲ ਮੇਲਾ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।
ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ
ਮੇਲੇ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 28 ਸਤੰਬਰ ਨੂੰ ਲੱਗਣ ਵਾਲੇ ਸਾਲਾਨਾ ਮੇਲੇ ਦੌਰਾਨ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ
ਇਸ ਸਬੰਧੀ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਮੱਥਾ ਟੇਕਣ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੇਲੇ ਚ ਲੱਗਣ ਵਾਲੇ ਝੂਲਿਆਂ ਦੀ ਹੋਵੇਗੀ ਜਾਂਚ
ਡੀ ਸੀ ਨੇ ਇਹ ਵੀ ਕਿਹਾ ਕਿ ਮੇਲੇ ਵਿੱਚ ਲੱਗਣ ਵਾਲੇ ਝੂਲਿਆਂ ਦੇ ਸੁਰੱਖਿਆ ਮਾਪਦੰਡਾਂ ਦੀ ਜਾਂਚ ਲਈ ਮਾਹਿਰਾਂ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਪ੍ਰਬੰਧਕ ਮੇਲੇ ਵਿੱਚ ਝੂਲਿਆਂ ਦਾ ਸੰਚਾਲਨ ਕਰਨਗੇ।
ਸਾਫ-ਸਫਾਈ ਦਾ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ
ਮੰਦਿਰ ਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਜਲੰਧਰ ਨੂੰ ਮੇਲੇ ਦੌਰਾਨ ਸਮੇਂ ਸਿਰ ਸਫਾਈ ਕਰਨ ਅਤੇ ਕੂੜਾ ਚੁੱਕਣ ਲਈ 24 ਘੰਟੇ ਲੋੜੀਂਦਾ ਸਟਾਫ਼ ਤਾਇਨਾਤ ਕਰਨ ਲਈ ਕਿਹਾ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਨਗਰ ਨਿਗਮ ਨੂੰ ਡਸਟਬਿਨ ਰੱਖਣ, ਪੀਣ ਵਾਲੇ ਪਾਣੀ ਦੀ ਸਪਲਾਈ ਲਈ ਢੁੱਕਵੇਂ ਪ੍ਰਬੰਧ ਕਰਨ, ਆਰਜ਼ੀ ਪਖਾਨਿਆਂ ਦੀ ਸਥਾਪਨਾ ਤੋਂ ਇਲਾਵਾ ਸਾਰੀਆਂ ਸਟ੍ਰੀਟ ਲਾਈਟਾਂ ਦੀ ਮੁਰੰਮਤ ਆਦਿ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਸਮਾਜ ਵਿਰੋਧੀ ਅਨਸਰਾਂ 'ਤੇ ਰੱਖੀ ਜਾਵੇਗੀ ਤਿੱਖੀ ਨਜ਼ਰ
ਕਮਿਸ਼ਨਰੇਟ ਪੁਲਸ ਨੂੰ ਮੇਲੇ ਦੌਰਾਨ ਸਮਾਜ ਵਿਰੋਧੀ ਅਨਸਰਾਂ 'ਤੇ ਸਖ਼ਤ ਨਜ਼ਰ ਰੱਖਣ ਲਈ ਵੀ ਕਿਹਾ ਗਿਆ।ਮੇਲੇ ਵਿਚ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਟ੍ਰੈਫਿਕ ਪ੍ਰਬੰਧ
ਡੀ ਸੀ ਨੇ ਫਾਇਰ ਬ੍ਰਿਗੇਡ ਨੂੰ ਮੇਲੇ ਵਾਲੀ ਥਾਂ ਦੇ ਆਲੇ-ਦੁਆਲੇ ਲੋੜੀਂਦੇ ਫਾਇਰ ਟੈਂਡਰ ਲਗਾਉਣ ਤੋਂ ਇਲਾਵਾ ਪੁਲਸ ਅਧਿਕਾਰੀਆਂ ਨੂੰ ਟ੍ਰੈਫਿਕ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਢੁੱਕਵੇਂ ਸਾਈਨ ਬੋਰਡ ਲਗਾਉਣ ਲਈ ਵੀ ਕਿਹਾ।
ਨੋਡਲ ਅਫਸਰਾਂ ਦੀ ਨਿਯੁਕਤੀ
ਡਿਪਟੀ ਕਮਿਸ਼ਨਰ ਨੇ ਜਥੇਬੰਦੀਆਂ ਨੂੰ ਇਹ ਵੀ ਦੱਸਿਆ ਕਿ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਡੀ.ਸੀ.ਪੀ. ਜਗਮੋਹਨ ਸਿੰਘ, ਐਸ.ਡੀ.ਐਮਜ਼ ਅਤੇ ਨਗਰ ਨਿਗਮ ਜਲੰਧਰ ਦੇ ਅਧਿਕਾਰੀ ਵੀ ਮੌਜੂਦ ਸਨ।