ਮਹਾਰਾਸ਼ਟਰ ਦੇ ਗੋਂਦੀਆ 'ਚ ਯਾਤਰੀਆਂ ਨਾਲ ਭਰੀ ਬੱਸ ਦਾ ਦਰਦਨਾਕ ਐਕਸੀਡੈਂਟ ਵਾਪਰਿਆ ਹੈ। ਇਸ ਬੱਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਫਿਲਹਾਲ ਬਚਾਅ ਕਾਰਜ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।
ਬਾਈਕ ਨੂੰ ਬਚਾਉਣ ਕਾਰਨ ਹਾਦਸਾ ਵਾਪਰਿਆ
ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਗੋਂਦੀਆ ਕੋਹਮਾਰਾ ਨੈਸ਼ਨਲ ਹਾਈਵੇ 'ਤੇ ਬਾਈਕ ਨੂੰ ਬਚਾਉਣ ਦੀ ਕੋਸ਼ਿਸ਼ 'ਚ ਮਹਾਰਾਸ਼ਟਰ ਰੋਡ ਟਰਾਂਸਪੋਰਟ ਦੀ ਬੱਸ ਪਲਟ ਗਈ। ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਬਾਕੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਬੱਸ 'ਚ ਕੁੱਲ 35 ਯਾਤਰੀ ਸਵਾਰ ਸਨ।
ਬੱਸ ਡਰਾਈਵਰ ਮੌਕੇ ਤੋਂ ਫਰਾਰ
ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਨੇ ਘਟਨਾ ਦੀ ਸੂਚਨਾ ਪੁਲਸ ਅਤੇ ਐਂਬੂਲੈਂਸ ਨੂੰ ਦਿੱਤੀ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਗੋਂਦੀਆ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।