ਖਬਰਿਸਤਾਨ ਨੈੱਟਵਰਕ–ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਹ ਫੈਸਲਾ ਜ਼ਿਲ੍ਹਾ ਪੱਧਰ ‘ਤੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਅਤੇ ਸਥਾਨਕ ਲੋੜਾਂ ਅਨੁਸਾਰ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਲਿਆ ਗਿਆ ਹੈ।
ਇਹ ਨਿਯੁਕਤੀਆਂ ਸੀਐਮ ਭਗਵੰਤ ਮਾਨ ਦੇ ‘ਰੰਗਲਾ ਪੰਜਾਬ’ ਮਿਸ਼ਨ ਨੂੰ ਹਕੀਕੀ ਰੂਪ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪੁਲਾਂਘ ਹਨ। ਇਹਨਾਂ ਬੋਰਡਾਂ ਰਾਹੀਂ ਆਮ ਲੋਕਾਂ ਦੀ ਆਵਾਜ਼ ਨੂੰ ਯੋਜਨਾਬੰਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਵਿਕਾਸ ਕਾਰਜ ਲੋਕ-ਮੁਖੀ ਅਤੇ ਪ੍ਰਭਾਵਸ਼ਾਲੀ ਬਣ ਸਕਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵ-ਨਿਯੁਕਤ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਪਣੇ ਐਕਸ ਅਕਾਊਂਟ ‘ਤੇ ਲਿਖਿਆ “ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ। ਰੰਗਲਾ ਪੰਜਾਬ ਟੀਮ ਵਿੱਚ ਸੱਭ ਦਾ ਨਿੱਘਾ ਸਵਾਗਤ ਹੈ।ਉਮੀਦ ਕਰਦਾ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।”
‘ਆਪ’ ਸਰਕਾਰ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਹਰ ਲੋੜਵੰਦ ਨਾਗਰਿਕ ਤੱਕ ਪਹੁੰਚੇ। ਇਹ ਨਵੀਂ ਟੀਮ ਇਸ ਟੀਚੇ ਦੀ ਪੂਰਤੀ ਲਈ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰੇਗੀ।