ਕਿਸਾਨਾਂ ਤੇ ਕੇਂਦਰ ਵਿਚਾਲੇ ਐਮ ਐਸ ਪੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੇ ਸੈਕਟਰ 26 ਵਿਚ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਜਗਜੀਤ ਸਿੰਘ ਡੱਲੇਵਾਲ ਵੀ ਸ਼ਾਮਲ ਹੋਏ ਹਨ। ਉਨ੍ਹਾਂ ਦੇ ਮਰਨ ਵਰਤ ਦਾ ਅੱਜ 114ਵਾਂ ਦਿਨ ਹੈ। ਉਹ ਖਨੌਰੀ ਬਾਰਡਰ ਤੋਂ ਐਂਬੂਲੈਂਸ ਰਾਹੀਂ ਚੰਡੀਗੜ੍ਹ ਪੁੱਜੇ।
ਪਹਿਲੀਆਂ 6 ਮੀਟਿੰਗਾਂ ਰਹਿ ਚੁੱਕੀਆਂ ਬੇਸਿੱਟਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਤੇ ਕਿਸਾਨਾਂ ਵਿਚਾਲੇ 6 ਮੀਟਿੰਗਾਂ ਹੋ ਚੁੱਕੀਆਂ ਹਨ ਪਰ ਇਸ਼ ਵਿਚ ਕੋਈ ਸਹਿਮਤੀ ਨਹੀਂ ਬਣੀ। ਅੱਜ ਇਹ 7ਵੀਂ ਮੀਟਿੰਗ ਹੋ ਰਹੀ ਹੈ। ਕਿਸਾਨਾਂ ਦੀ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੁੱਦਿਆਂ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।
ਕੇਂਦਰ ਵਲੋਂ ਪਿਊਸ਼ ਗੋਇਲ, ਸ਼ਿਵਰਾਜ ਚੌਹਾਨ ਤੇ ਪ੍ਰਹਿਲਾਦ ਜੋਸ਼ੀ ਮੌਜੂਦ ਹਨ। ਕਿਸਾਨਾਂ ਵੱਲੋਂ ਜਗਜੀਤ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਹੋਰ ਵੱਡੇ ਕਿਸਾਨ ਲੀਡਰ ਮੀਟਿੰਗ ਵਿਚ ਸ਼ਾਮਲ ਹਨ। ਪੰਜਾਬ ਸਰਕਾਰ ਦੇ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਹੋਰ ਮੰਤਰੀ ਮੀਟਿੰਗ ਵਿਚ ਹਾਜ਼ਰ ਹਨ।
ਸ਼ੰਭੂ ਤੇ ਖਨੌਰੀ ਬਾਰਡਰਾਂ ਉਤੇ ਇਕ ਸਾਲ ਤੋਂ ਵੱਧ ਹੋ ਗਿਆ ਸਮਾਂ
ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਚੱਲ ਰਿਹਾ ਹੈ। ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਜਾਣਾ ਚਾਹੁੰਦੇ ਸਨ ਪਰ ਹਰਿਆਣਾ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਤੇ 13 ਫਰਵਰੀ 2024 ਤੋਂ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰਾਂ ਉਤੇ ਪੱਕਾ ਮੋਰਚਾ ਲੈ ਕੇ ਬੈਠੇ ਹੋਏ ਹਨ। ਹਾਲਾਂਕਿ ਕਿਸਾਨਾਂ ਨੇ 2-3 ਵਾਰ 100 ਮਰਜੀਵੜਿਆਂ ਦੇ ਰੂਪ ਵਿਚ ਪੈਦਲ ਜਾਣ ਦੀ ਵੀ ਕੋਸ਼ਿਸ਼ ਕੀਤੀ ਪਰ ਫਿਰ ਵੀ ਕਿਸਾਨਾਂ ਨੂੰ ਦਿੱਲੀ ਕੂਚ ਨਹੀਂ ਕਰਨ ਦਿੱਤਾ ਗਿਆ। ਕਿਸਾਨਾਂ ਦਾ ਸਪੱਸ਼ਟ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸੁਣਵਾਈ ਨਹੀਂ ਹੁੰਦੀ ਤੇ ਮੰਗਾਂ ਦਾ ਸਾਰਥਕ ਹੱਲ ਨਹੀਂ ਹੁੰਦਾ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।