ਹੋਲਾ-ਮਹੱਲਾ ਨੂੰ ਲੈ ਕੇ ਪ੍ਰਸ਼ਾਸਨ ਨੇ ਵਾਹਨਾਂ ਲਈ ਕੁਝ ਪਾਬੰਦੀਆਂ ਲਗਾਈਆਂ ਹਨ। ਦੱਸ ਦੇਈਏ ਕਿ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 10 ਮਾਰਚ ਤੋਂ 15 ਮਾਰਚ 2025 ਤੱਕ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ, ਜਿਸ ਲਈ ਸ਼ਰਧਾਲੂਆਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਉਣ ਲਈ ਟਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਹ ਹਦਾਇਤਾਂ ਹੋਈਆਂ ਜਾਰੀ
ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਿਸ ਪ੍ਰਸ਼ਾਸਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਹੈ ਕਿ ਆਪਣੇ-ਆਪਣੇ ਜ਼ਿਲ੍ਹਿਆਂ/ਯੂਨਿਟ ਅਧੀਨ ਆਉਂਦੇ ਪੁਲਿਸ ਥਾਣਿਆਂ ਦੇ ਮੁੱਖ ਅਧਿਕਾਰੀਆਂ ਅਤੇ ਟ੍ਰੈਫਿਕ ਇੰਚਾਰਜਾਂ ਨੂੰ ਟਰੱਕ ਯੂਨੀਅਨਾਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਜਾਵੇ ਕਿ ਹੋਲਾ-ਮੁਹੱਲਾ ਦੌਰਾਨ ਕਿਸੇ ਵੀ ਡਬਲ-ਡੈਕਰ ਟਰੱਕ/ਵਾਹਨ, ਵੱਡੇ ਸਪੀਕਰਾਂ ਵਾਲੇ ਟਰੈਕਟਰ ਟਰਾਲੀਆਂ, ਪ੍ਰੈਸ਼ਰ ਹਾਰਨਾਂ ਵਾਲੇ ਮੋਟਰਸਾਈਕਲਾਂ ਅਤੇ ਬਿਨਾਂ ਸਾਈਲੈਂਸਰ ਵਾਲੇ ਮੋਟਰਸਾਈਕਲ ਸਵਾਰਾਂ ਆਦਿ ਨੂੰ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਵੇ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਅਤੇ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਸਪੀਕਰਾਂ ਨੂੰ ਮੌਕੇ ‘ਤੇ ਹੀ ਵਾਹਨਾਂ ਤੋਂ ਹਟਾ ਕੇ ਅੱਗੇ ਭੇਜਿਆ ਜਾਵੇ। ਗੁਲਨੀਤ ਖੁਰਾਣਾ ਨੇ ਕਿਹਾ ਕਿ ਹੋਲਾ-ਮੁਹੱਲਾ ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਪੀਕਰਾਂ ਦੀ ਆਵਾਜ਼ ਕਾਰਨ ਹੋਣ ਵਾਲੀ ਅਸੁਵਿਧਾ ਤੋਂ ਬਚਾਉਣ ਲਈ, ਇਹ ਫੈਸਲਾ ਕੀਤਾ ਗਿਆ ਹੈ ਕਿ ਮੇਲੇ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਕਿਸੇ ਵੀ ਡਬਲ-ਡੈਕਰ ਟਰੱਕ/ਸਪੀਕਰਾਂ ਵਾਲੇ ਵਾਹਨ ਨੂੰ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।