ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਕਿਸਾਨ ਭਲਕੇ ਦਿੱਲੀ ਵੱਲ ਕੂਚ ਕਰਨਗੇ। ਦੱਸ ਦੇਈਏ ਕਿ ਕੇਂਦਰ ਨੇ ਅਗਲੇ ਮਹੀਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ, ਪਰ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਹੈ ਕਿ ਦਿੱਲੀ ਵੱਲ ਮਾਰਚ ਹੋਵੇਗਾ। ਉਹ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਦਿੱਲੀ ਵੱਲ ਮਾਰਚ ਕਰਨ ਵਾਲਿਆਂ ਦੇ ਨਾਮ ਜਾਰੀ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।
ਸੰਯੁਕਤ ਕਿਸਾਨ ਮੋਰਚਾ (SKM) ਨੇ ਅੱਜ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਗਾਰੰਟੀ ਕਾਨੂੰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਸਮੇਤ ਦੇਸ਼ ਭਰ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ।
ਹਾਲਾਂਕਿ, ਕੇਂਦਰ ਤੋਂ ਗੱਲਬਾਤ ਲਈ ਸੱਦਾ ਮਿਲਣ ਤੋਂ ਬਾਅਦ, ਐਸਕੇਐਮ ਨੇ ਕਿਹਾ ਕਿ ਘੇਰਾਬੰਦੀ ਕਰਨ ਦੀ ਬਜਾਏ, ਸਾਰੇ ਕਿਸਾਨਾਂ ਨੂੰ ਆਪਣੀਆਂ ਮੰਗਾਂ ਦਾ ਇੱਕ ਮੰਗ ਪੱਤਰ ਈ-ਮੇਲ ਰਾਹੀਂ ਸੰਸਦ ਮੈਂਬਰਾਂ ਨੂੰ ਭੇਜਣਾ ਚਾਹੀਦਾ ਹੈ। 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ
ਦੱਸਣਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ ਤੇ ਅੱਜ 55ਵੇਂ ਦਿਨ ’ਚ ਵਰਤ ਦਾਖ਼ਲ ਹੋ ਗਿਆ। ਸਨਿਚਰਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਵਲੋਂ ਕੇਂਦਰ ਨਾਲ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਮੈਡੀਕਲ ਸਹੂਲਤਾਂ ਲੈਣ ਲਈ ਹਾਮੀ ਭਰੀ ਸੀ ਤੇ ਦੇਰ ਰਾਤ ਨੂੰ ਹੀ ਉਨ੍ਹਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ।
ਦੱਸ ਦੇਈਏ ਕਿ ਡੱਲੇਵਾਲ ਦੀ ਹਮਾਇਤ ਵਿਚ 121 ਹੋਰ ਕਿਸਾਨ ਵੀ ਮਰਨ ਵਰਤ ‘ਤੇ ਬੈਠ ਗਏ ਸਨ, ਜਿਸ ਮਗਰੋਂ ਅੱਜ ਆਖ਼ਿਰਕਾਰ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੋ ਗਈ ਹੈ ਤੇ ਹੁਣ 121 ਕਿਸਾਨਾਂ ਨੇ ਅਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ।
14 ਫਰਵਰੀ ਨੂੰ ਚੰਡੀਗੜ੍ਹ ਵਿਚ ਹੋਵੇਗੀ ਮੀਟਿੰਗ
ਰਿਪੋਰਟ ਮੁਤਾਬਕ ਮਿਲੇ ਸੱਦੇ ਤਹਿਤ ਕਿਸਾਨ ਯੂਨੀਅਨ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀਆਂ ਮੰਗਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਮੀਟਿੰਗ 14 ਫ਼ਰਵਰੀ ਨੂੰ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਵਿਖੇ ਸੈਕਟਰ-26, ਚੰਡੀਗੜ੍ਹ ‘ਚ ਹੋਵੇਗੀ।
ਦੱਸ ਦੇਈਏ ਕਿ ਕੇਂਦਰ ਅਤੇ ਕਿਸਾਨਾਂ ਵਿਚਕਾਰ ਫਰਵਰੀ 2024 ਤੋਂ 16 ਮੁੱਖ ਮੰਗਾਂ, ਜਿਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਸ਼ਾਮਲ ਹੈ, ਉਤੇ ਚੱਲ ਰਿਹਾ ਡੈੱਡਲਾਕ ਖਤਮ ਹੋ ਗਿਆ ਹੈ।
121 ਕਿਸਾਨਾਂ ਖਤਮ ਕੀਤਾ ਮਰਨ ਵਰਤ
ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਨੇ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਕਿਸਾਨਾਂ ਨੇ ਇਹ ਫ਼ੈਸਲਾ ਕੇਂਦਰ ਸਰਕਾਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਮਰਨ ਵਰਤ ਤੋੜਿਆ ਹੈ ਪਰ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ। ਡੱਲੇਵਾਲ ਦੀ ਮੈਡੀਕਲ ਜਾਂਚ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 2024 ਦੀ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਹਨ।