ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਅਦਾਲਤ ਨੂੰ ਦੱਸੇਗੀ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਵਿੱਚ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ।
ਪੰਜਾਬ ਸਰਕਾਰ ਨੂੰ 30 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ 3 ਦਿਨਾਂ ਦਾ ਸਮਾਂ ਦਿੱਤਾ ਸੀ। ਇਸ ਦੌਰਾਨ ਸਰਕਾਰ ਨੇ ਕਿਹਾ ਸੀ ਕਿ ਇਕ ਵਿਚੋਲੇ ਨੇ ਅਰਜ਼ੀ ਦਿੱਤੀ ਹੈ ਕਿ ਜੇਕਰ ਕੇਂਦਰ ਦਖਲ ਦੇਵੇ ਤਾਂ ਡੱਲੇਵਾਲ ਗੱਲਬਾਤ ਲਈ ਤਿਆਰ ਹੈ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਸਮਾਂ ਮੰਗਣ ਵਾਲੀ ਪੰਜਾਬ ਸਰਕਾਰ ਦੀ ਅਰਜ਼ੀ ਨੂੰ ਸਵੀਕਾਰ ਕਰ ਲਿਆ ਸੀ।
ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਮੈਰਾਥਨ ਮੀਟਿੰਗ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਗੱਲਬਾਤ ਚੰਗੇ ਮਾਹੌਲ ਵਿੱਚ ਹੋਈ। ਦੂਜੇ ਪਾਸੇ ਡਾਕਟਰਾਂ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਡੱਲੇਵਾਲ ਨੂੰ ਬੋਲਣ ਵਿੱਚ ਵੀ ਮੁਸ਼ਕਲ ਆ ਰਹੀ ਹੈ।
ਪੰਧੇਰ ਨੇ ਕਿਹਾ- ਦਿੱਲੀ ਕੂਚ ਦਾ ਕਰਾਂਗੇ ਐਲਾਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੇ ਮਰਨ ਵਰਤ ਨੂੰ 38 ਦਿਨ ਹੋ ਗਏ ਹਨ। ਇਹ ਮਰਨ ਵਰਤ ਗੱਲਬਾਤ ਲਈ ਨਹੀਂ ਸਗੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਸ਼ੁਰੂ ਕੀਤਾ ਗਿਆ ਹੈ। ਇਹ ਵਰਤ ਇਸੇ ਤਰ੍ਹਾਂ ਜਾਰੀ ਰਹੇਗਾ। ਦਿੱਲੀ ਮਾਰਚ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। 4 ਜਨਵਰੀ ਨੂੰ ਖਨੌਰੀ ਵਿੱਚ ਵੱਡੀ ਪੰਚਾਇਤ ਹੋਵੇਗੀ।
ਦੱਸ ਦੇਈਏ ਕਿ ਇਸ ਦੌਰਾਨ ਕਈ ਪੰਜਾਬੀ ਗਾਇਕ ਕਿਸਾਨਾਂ ਦੇ ਧਰਨੇ ਵਿਚ ਆ ਚੁੱਕੇ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ 2024 ਤੋਂ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਬੈਠੇ ਹੋਏ ਹਨ। ਕਿਸਾਨਾਂ ਨੇ 3 ਵਾਰ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਗਿਆ। 101 ਮਰਜੀਵੜਿਆਂ ਕਿਸਾਨਾਂ ਦੇ ਜਥੇ ਨੂੰ ਪੈਦਲ ਵੀ ਨਹੀਂ ਜਾਣ ਦਿੱਤਾ ਜਾ ਰਿਹਾ।
ਜ਼ਿਕਰਯੋਗ ਹੈ ਕਿ ਗਾਇਕ ਬੱਬੂ ਮਾਨ ਇਸ ਤੋਂ ਪਹਿਲਾਂ ਵੀ ਕਈ ਵਾਰ ਖਨੌਰੀ ਬਾਰਡਰ ਆ ਚੁੱਕੇ ਹਨ ਤੇ ਕਿਸਾਨਾਂ ਦੇ ਸਮਰਥਨ ਵਿਚ ਉਹ ਸ਼ੁਰੂ ਤੋਂ ਹੀ ਖੜ੍ਹੇ ਨਜ਼ਰ ਆਏ ਹਨ।
ਸੁਪਰੀਮ ਕੋਰਟ ਲਾ ਚੁੱਕੀ ਪੰਜਾਬ ਸਰਕਾਰ ਨੂੰ ਫਟਕਾਰ
ਦੱਸ ਦੇਈਏ ਕਿ ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾ ਚੁੱਕੀ ਹੈ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ ਸੀ। ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਜੇਕਰ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਤਾਂ ਕਿਸਾਨ ਵਿਰੋਧ ਕਰ ਸਕਦੇ ਹਨ।
ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਮੰਗਾਂ ਲਈ ਅੰਦੋਲਨ ਇੱਕ ਜਮਹੂਰੀ ਤਰੀਕਾ ਹੈ ਪਰ ਕਿਸੇ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਅੰਦੋਲਨ ਕਦੇ ਨਹੀਂ ਸੁਣਿਆ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਕਿ ਪਹਿਲਾਂ ਤੁਸੀਂ ਮੁਸ਼ਕਲਾਂ ਖੜ੍ਹੀਆਂ ਕਰਦੇ ਹੋ ਅਤੇ ਫਿਰ ਕਹਿੰਦੇ ਹੋ ਕਿ ਤੁਸੀਂ ਕੁਝ ਨਹੀਂ ਕਰ ਸਕਦੇ?
ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਰੁਖ਼ ਦਿਖਾਇਆ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਕਿਸ ਤਰ੍ਹਾਂ ਦੇ ਕਿਸਾਨ ਆਗੂ ਹਨ ਜੋ ਡੱਲੇਵਾਲ ਦੀ ਮੌਤ ਚਾਹੁੰਦੇ ਹਨ। ਉਨ੍ਹਾਂ ‘ਤੇ ਦਬਾਅ ਦਿਖਾਈ ਦੇ ਰਿਹਾ ਹੈ। ਅਦਾਲਤ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਨ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਨੂੰ ਸ਼ਿਫਟ ਕਰਨ ਵਿੱਚ ਮਦਦ ਦੀ ਲੋੜ ਹੋਵੇ ਤਾਂ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਡੱਲੇਵਾਲ ਦੇ ਮਰਨ ਵਰਤ ਦਾ 37ਵਾਂ ਦਿਨ
ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ 37 ਦਿਨਾਂ ਤੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਹਨ।
ਬਾਰਡਰਾਂ ਉਤੇ ਬੈਠਿਆਂ ਨੂੰ ਹੋਣ ਵਾਲਾ ਹੈ ਸਾਲ
ਜ਼ਿਕਰਯੋਗ ਹੈ ਕਿ ਕਿਸਾਨ 13 ਫਰਵਰੀ ਨੂੰ ਹੱਕੀ ਮੰਗਾਂ ਲਈ ਦਿੱਲੀ ਲਈ ਪੰਜਾਬ ਤੋਂ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲਸ ਨੇ ਅੱਗੇ ਨਹੀਂ ਜਾਣ ਦਿੱਤਾ। ਕਿਸਾਨਾਂ ਨੇ ਉਦੋਂ ਤੋਂ ਉਥੇ ਪੱਕੇ ਧਰਨੇ ਲਾਏ ਹੋਏ ਹਨ। ਇਸ ਦੌਰਾਨ ਕਿਸਾਨਾਂ ਨੇ ਪੈਦਲ ਵੀ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੂੰ 3 ਕੋਸ਼ਿਸ਼ਾਂ ਦੌਰਾਨ ਵੀ ਸ਼ਾਂਤਮਈ ਢੰਗ ਨਾਲ ਦਿੱਲੀ ਨਹੀਂ ਜਾਣ ਦਿੱਤਾ ਗਿਆ। ਇਸ ਤਰ੍ਹਾਂ ਕਿਸਾਨਾਂ ਨੂੰ ਧਰਨੇ ਉਤੇ ਬੈਠਿਆਂ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ ਪਰ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।