ਪੰਜਾਬ ਸਮੇਤ ਜਲੰਧਰ ‘ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਭਾਰੀ ਮੀਂਹ ਪੈਣ ਕਾਰਨ DC ਡਾ. ਹਿਮਾਂਸ਼ੂ ਅਗਰਵਾਲ ਐਡਵਾਇਜ਼ਰੀ ਕੀਤੀ ਹੈ। ਸ਼ਹਿਰ ‘ਚ ਲਗਾਤਾਰ ਮੀਂਹ ਪੈਣ ਕਾਰਨ ਹੜ੍ਹਾਂ ਦਾ ਖਤਰਾ ਬਣਿਆ ਹੋਇਆ ਹੈ। ਡਿਪਟੀ ਕਮਿਸ਼ਨਰ ਵਲੋਂ ਦੇਰ ਰਾਤ ਰਾਹਤ ਕੇਂਦਰਾਂ ਦਾ ਦੌਰਾ ਕੀਤਾ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
DC ਨੇ ਐਡਵਾਈਜ਼ਰੀ ਕੀਤੀ ਜਾਰੀ
ਡਿਪਟੀ ਕਮਿਸ਼ਨਰ ਨੇ ਕੱਲ੍ਹ ਸਤਲੁਜ ਦਰਿਆ ਦੇ ਕੰਢੇ ਰਹਿਣ ਵਾਲੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਰੋਪੜ ਹੈਂਡ ਵਰਕਸ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਦੇ ਕੰਢੇ ਰਹਿਣ ਵਾਲੇ ਇਲਾਕਿਆਂ ਵਿੱਚ ਖ਼ਤਰਾ ਹੋ ਸਕਦਾ ਹੈ। ਇਸ ਤੋਂ ਬਾਅਦ ਪੁਲਿਸ ਫਿਲੌਰ ਵਿੱਚ ਦਰਿਆ ਦੇ ਕੰਢੇ ਰਹਿਣ ਵਾਲੇ ਸੁਰੱਖਿਅਤ ਬਾਹਰ ਕੱਢ ਰਹੀ ਹੈ।
ਮੌਕੇ ‘ਤੇ ਮੌਜੂਦ ਥਾਣਾ ਇੰਚਾਰਜ ਭੂਸ਼ਣ ਕੁਮਾਰ ਨੇ ਦੱਸਿਆ ਕਿ ਸਤਲੁਜ ਦਰਿਆ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਬੰਨ੍ਹ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੇੜਲੇ ਲੋਕਾਂ ਨੂੰ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮਦਦ ਕਰ ਰਹੇ ਲੋਕਾਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਜਿਨ੍ਹਾਂ ਨੂੰ ਰਾਸ਼ਨ ਦੀ ਲੋੜ ਹੈ, ਉਨ੍ਹਾਂ ਤਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਜਣਕਰੀ ਦਿੰਦਿਆ ਕਿਹਾ ਕਿ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 54 ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਮੈਡੀਕਲ ਸਹੂਲਤ ਤੋਂ ਇਲਾਵਾ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ 8 ਰਾਹਤ ਕੇਂਦਰ ਮੌਜੂਦਾ ਸਮੇਂ ਕਾਰਜਸ਼ੀਲ ਹਨ, ਜਿੱਥੇ ਅਹਿਤਿਆਤ ਵਜੋਂ ਸੰਵੇਦਨਸ਼ੀਲ ਇਲਾਕਿਆਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਇੱਥੇ ਰਹਿ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਲੋੜ ਨਹੀਂ ਹੈ, ਪੰਜਾਬ ਸਰਕਾਰ ਮੋਢੇ ਨਾਲ ਮੋਢਾ ਜੋੜ ਕੇ ਉਹਨਾਂ ਦੇ ਨਾਲ ਖੜ੍ਹੀ ਹੈ।
ਸ਼ਹਿਰ ਦੇ ਥਾਂ-ਥਾਂ ਭਰਿਆ ਪਾਣੀ
ਸ਼ਹਿਰ ਦੇ ਪਾਸ਼ ਇਲਾਕਿਆਂ, ਮਾਡਲ ਟਾਊਨ, ਜਵਾਹਰ ਨਗਰ, ਜੀ.ਟੀ.ਪੀ. ਨਗਰ, ਸੈਂਟਰਲ ਟਾਊਨ, ਭਗਤ ਸਿੰਘ ਕਲੋਨੀ ਸਮੇਤ ਕਈ ਇਲਾਕਿਆਂ ਵਿੱਚ ਸਥਿਤੀ ਬਹੁਤ ਮਾੜੀ ਹੈ। ਮਾਡਲ ਟਾਊਨ ਦੇ ਕਈ ਵੱਡੇ ਸ਼ੋਅਰੂਮਾਂ ਦੇ ਬੇਸਮੈਂਟਾਂ ਵਿੱਚ ਪਾਣੀ ਭਰ ਗਿਆ ਹੈ, ਲੋਕਾਂ ਤੇ ਦੁਕਾਨਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। DC ਦਫ਼ਤਰ ਸਮੇਤ ਥਾਣਿਆਂ ‘ਤੇ ਚੌਕੀਆਂ ‘ਚ ਵੀ ਪਾਣੀ ਭਰ ਗਿਆ ਹੈ। ਸਮਾਰਟ ਸਿਟੀ ਦੇ ਸਾਰੇ ਅੰਡਰ ਬ੍ਰਿਜ ਪਾਣੀ ‘ਚ ਡੁੱਬੇ ਹੋਏ ਹਨ। ਦਮੋਰੀਆ ਪੁਲ ਦੇ ਹੇਠਾਂ 8 ਤੋਂ 9 ਫੁੱਟ ਪਾਣੀ ਭਰਿਆ ਹੋਇਆ ਹੈ।
ਸ਼ਹਿਰ ਦੀਆਂ ਗਲੀਆਂ ਸੜਕਾਂ ਧੱਸ ਗਈਆਂ ਹਨ। ਜਿਸ ਕਾਰਨ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਬਰਸਾਤ ਦੇ ਮੌਸਮ ਵਿੱਚ ਸੜਕਾਂ ‘ਤੇ ਬਹੁਤ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਸੜਕਾਂ ‘ਤੇ ਕਈ ਥਾਵਾਂ ‘ਤੇ ਵੱਡੇ-ਵੱਡੇ ਟੋਏ ਹੋਣ ਕਾਰਨ ਕਾਰਨ ਹਾਦਸੇ ਵਾਪਰ ਰਹੇ ਹਨ ਹੈ।
ਹੈਲਪ ਲਾਈਨ ਨੰਬਰ ਕੀਤਾ ਜਾਰੀ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੇ ਦਿਨ ਸ਼ਹਿਰ ਦਾ ਦੌਰਾ ਕੀਤਾ ਅਤੇ ਡਰੇਨੇਜ ਸਿਸਟਮ ਦਾ ਨਿਰੀਖਣ ਕੀਤਾ ਤੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ ਇਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਹੈ ਜਾਂ ਕੋਈ ਐਮਰਜੈਂਸੀ ਹੈ ਤਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0181-2240064 ਉਤੇ ਫੋਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਤੁਰੰਤ ਆਪ ਦੀ ਮਦਦ ਲਈ ਪਹੁੰਚ ਜਾਣਗੀਆਂ।