ਖਬਰਿਸਤਾਨ ਨੈੱਟਵਰਕ- ਬਠਿੰਡਾ ਦੇ ਰਾਜਿੰਦਰਾ ਕਾਲਜ ‘ਚ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਥੇ ਯੂਥ ਫੈਸਟੀਵਲ ਚੱਲ ਰਿਹਾ ਸੀ। ਸੂਚਨਾ ਮਿਲਣ ਉਤੇ ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਦਾ ਕਹਿਣਾ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਗੁੱਟ ਵੱਲੋਂ ਦੂਜੇ ਗੁੱਟ ਉਤੇ ਫਾਇਰਿੰਗ ਕੀਤੀ ਗਈ।
ਤਿੰਨ ਤੋਂ ਚਾਰ ਰਾਊਂਡ ਫਾਇਰ
ਜਾਣਕਾਰੀ ਅਨੁਸਾਰ ਇਸ ਦੌਰਾਨ 4 ਰਾਊਂਡ ਫਾਇਰਿੰਗ ਕੀਤੀ ਗਈ। ਪੁਲਿਸ ਵੱਲੋਂ ਕੇਸ ਦਰਜ ਕਰ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਯੂਥ ਫੈਸਟੀਵਲ ਦੌਰਾਨ ਵਿਦਿਆਰਥੀਆਂ ਵਿੱਚ ਝਗੜਾ ਹੋਇਆ, ਜਿਸ ਦੌਰਾਨ ਇੱਕ ਵਿਦਿਆਰਥੀ ਵੱਲੋਂ ਫਾਇਰਿੰਗ ਵੀ ਕੀਤੀ ਗਈ। ਮੌਕੇ ਤੇ ਪੁੱਜੀਆਂ ਪੁਲਿਸ ਟੀਮਾਂ ਨੇ ਫਾਇਰਿੰਗ ਕਰਨ ਵਾਲੇ ਨੌਜਵਾਨ ਦੀ ਪਛਾਣ ਕਰ ਲਈ ਹੈ, ਜਿਸ ਨੌਜਵਾਨ ਦੀ ਪਹਿਚਾਣ ਜਸਦੀਪ ਸਿੰਘ ਵਾਸੀ ਬੀੜ ਵਹਿਮਣ ਵਜੋਂ ਹੋਈ ਹੈ, ਜਿਸ ਨੇ 32 ਬੋਰ ਦੇ ਪਿਸਤੌਲ ਨਾਲ ਹਵਾਈ ਫਾਇਰ ਕੀਤੇ।
ਮੁਲਜ਼ਮਾਂ ਖਿਲਾਫ ਹੋਵੇਗੀ ਸਖਤ ਕਾਰਵਾਈ
ਪੁਲਸ ਨੇ ਕਿਹਾ ਕਿ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਕੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਉਨਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੋ ਗਰੁੱਪਾਂ ਵਿੱਚ ਆਪਸ ਵਿੱਚ ਝਗੜਾ ਚੱਲ ਰਿਹਾ ਸੀ ਤੇ ਇਸ ਤੋਂ ਪਹਿਲਾਂ ਵੀ ਇਹਨਾਂ ਉਤੇ ਇੱਕ ਮਾਮਲਾ ਦਰਜ ਹੈ। ਪੁਲਸ ਮੁਤਾਬਕ ਇਸ ਦੌਰਾਨ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ।