ਖਬਰਿਸਤਾਨ ਨੈੱਟਵਰਕ- ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਭਲਕੇ ਮੁਕੰਮਲ ਹੋਈ ਸੀ ਤੇ ਹੁਣ ਖਬਰ ਆ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਅਤੇ ਇਕ ਹੋਰ ਵਿਅਕਤੀ ਖ਼ਿਲਾਫ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਲਈ ਉਲੰਘਣਾ ਕਰਨ ਦੇ ਮਾਮਲੇ ਵਿਚ ਥਾਣਾ ਸਰਾਏ ਅਮਾਨਤ ਖਾਂ ਵਿਖੇ ਪਰਚਾ ਦਰਜ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ
ਰਿਪੋਰਟ ਮੁਤਾਬਕ ਜ਼ਿਮਨੀ ਚੋਣ ਦੀ ਵੋਟਿੰਗ ਦੌਰਾਨ ਕੰਚਨਪ੍ਰੀਤ ਕੌਰ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਇਸ ਵੀਡੀਓ ਵਿੱਚ ਉਹ ਪੁਲਸ ਮੁਲਾਜ਼ਮਾਂ ‘ਤੇ ਗੁੱਸੇ ਵਿੱਚ ਭੜਕਦੇ ਹੋਏ ਦਿਖਾਈ ਦਿੱਤੇ ਸਨ। ਇਸੇ ਵੀਡੀਓ ਦੇ ਆਧਾਰ ‘ਤੇ ਰਿਟਰਨਿੰਗ ਅਫਸਰ (ਆਰਓ) ਦੀ ਸ਼ਿਕਾਇਤ ‘ਤੇ ਕੰਚਨਪ੍ਰੀਤ ਅਤੇ ਉਨ੍ਹਾਂ ਦੇ ਨਾਲ ਮੌਜੂਦ ਕਰਨ ਗਿੱਲ ਨਾਮ ਦੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਕੰਚਨਪ੍ਰੀਤ ਨੇ ਖੁਦ ਵੀ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਸੀ।
ਕਿਉਂ ਕਰਵਾਈ ਗਈ ਚੋਣ
ਤਰਨਤਾਰਨ ਵਿਧਾਨ ਸਭਾ ਸੀਟ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ। ਇਸ ਜ਼ਿਮਨੀ ਚੋਣ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਸੈਮੀਫਾਈਨਲ’ ਮੰਨਿਆ ਜਾ ਰਿਹਾ ਹੈ। ਇਸ ਸੀਟ ਲਈ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ ਅਤੇ ਸਾਰੀਆਂ ਪ੍ਰਮੁੱਖ ਪਾਰਟੀਆਂ ਨੇ ਇਸ ਨੂੰ ਜਿੱਤਣ ਲਈ ਪੂਰਾ ਜ਼ੋਰ ਲਗਾਇਆ ਹੈ। ਹੁਣ ਨਤੀਜੇ 14 ਨਵੰਬਰ ਨੂੰ ਆਉਣਗੇ।