ਖਬਰਿਸਤਾਨ ਨੈੱਟਵਰਕ– ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਹੜਤਾਲ ਕਰੀਬ ਸਾਢੇ ਚਾਰ ਘੰਟੇ ਬਾਅਦ ਮੁਲਤਵੀ ਕਰ ਦਿੱਤੀ ਗਈ। ਪੰਜਾਬ ਰੋਡਵੇਜ਼/ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਜੋਧ ਸਿੰਘ ਨੇ ਦੱਸਿਆ ਕਿ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਅਗਾਂਹ ਕਰਨ ਅਤੇ 19 ਨਵੰਬਰ ਨੂੰ ਮੀਟਿੰਗ ਦਾ ਸਮਾਂ ਮਿਲਣ ’ਤੇ ਇਹ ਹੜਤਾਲ ਮੁਲਤਵੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਮੰਗਾਂ ਵਿਚਾਰਨ ਦਾ ਭਰੋਸਾ ਅਧਿਕਾਰੀਆਂ ਵਲੋਂ ਦਿੱਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ 19 ਦੀ ਮੀਟਿੰਗ ਬੇਸਿੱਟਾ ਰਹੀ ਤਾਂ ਮੁੜ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਤੋਂ ਪਹਿਲਾਂ ਪਟਿਆਲਾ ਵਿੱਚ ਯੂਨੀਅਨ ਅਤੇ ਅਧਿਕਾਰੀਆਂ ਵਿਚਕਾਰ ਇੱਕ ਮੀਟਿੰਗ ਹੋਈ। ਇਸ ਤੋਂ ਪਹਿਲਾਂ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਮਜ਼ਦੂਰਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ। ਲੁਧਿਆਣਾ ਵਿੱਚ ਆਰਜ਼ੀ ਮਜ਼ਦੂਰਾਂ ਨੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਸੜਕਾਂ ਜਾਮ ਕਰ ਦਿੱਤੀਆਂ। ਵਿਰੋਧ ਪ੍ਰਦਰਸ਼ਨਾਂ ਕਾਰਨ ਕਈ ਰੂਟਾਂ ‘ਤੇ ਬੱਸਾਂ ਨਹੀਂ ਚੱਲ ਰਹੀਆਂ ਸਨ। ਜਲੰਧਰ ਵਿਚ ਵੀ ਕਾਫੀ ਸਮਾਂ ਮੀਟਿੰਗ ਚੱਲਦੀ ਰਹੀ। ਫਿਲਹਾਲ ਹੁਣ 19 ਨਵੰਬਰ ਨੂੰ ਦੇਖਣਾ ਹੋਵੇਗਾ ਕਿਲੋਮੀਟਰ ਸਕੀਮ ਪੂਰੀ ਤਰ੍ਹਾਂ ਰੱਦ ਹੁੰਦੀ ਹੈ ਜਾਂ ਫਿਰ ਤਰੀਕ ਅੱਗੇ ਪਾਈ ਜਾਂਦੀ ਹੈ।
ਕਿਲੋਮੀਟਰ ਸਕੀਮ ਦਾ ਕੀਤਾ ਜਾ ਰਿਹੈ ਵਿਰੋਧ
ਦੱਸ ਦੇਈਏ ਕਿ ਠੇਕਾ ਮੁਲਾਜ਼ਮਾਂ ਵਲੋਂ ਕਿਲੋਮੀਟਰ ਸਕੀਮ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਮੇਂ ਸਿਰ ਤਨਖਾਹਾਂ ਪਾਉਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਹੜਤਾਲਾਂ ਕੀਤੀਆਂ ਗਈਆਂ ਸਨ ਪਰ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਦਾ ਪੱਕੇ ਤੌਰ ਉਤੇ ਹੱਲ ਨਹੀਂ ਹੋ ਰਿਹਾ।