ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਦੇ ਰਈਆ ਵਿੱਚ ਪੁਲਸ ਨੇ 2 ਬਦਮਾਸ਼ਾਂ ਦਾ ਇਨਕਾਊਂਟਰ ਕੀਤਾ, ਜਿਸ ਵਿਚ ਇਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਫਾਇਰਿੰਗ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ, ਜਿਸਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਅਨੁਸਾਰ, ਇਹ ਘਟਨਾ ਸੋਮਵਾਰ ਸਵੇਰੇ ਵਾਪਰੀ ਜਦੋਂ ਦੋਵੇਂ ਮੁਲਜ਼ਮ ਰਈਆ ਨਹਿਰ ਦੇ ਨੇੜੇ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆ ਰਹੇ ਸਨ। ਪੁਲਿਸ ਨੂੰ ਇਨ੍ਹਾਂ ਬਾਰੇ ਗੁਪਤ ਸੂਚਨਾ ਮਿਲੀ ਸੀ।ਜਦੋਂ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਪੁਲਸ ਉਤੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ।
ਪੁਲਸ ਦੀ ਜਵਾਬੀ ਕਾਰਵਾਈ ਵਿਚ 1 ਬਦਮਾਸ਼ ਢੇਰ
ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਢੇਰ ਕੀਤੇ ਗਏ ਮੁਲਜ਼ਮ ਨੇ ਹਾਲ ਹੀ ਵਿੱਚ ਇੱਕ ਦੁਕਾਨਦਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ ਕਿਉਂਕਿ ਉਸਨੇ 50 ਲੱਖ ਰੁਪਏ ਦੀ ਫਿਰੌਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਲਗਾਤਾਰ ਇਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਸੀ। ਫਿਲਹਾਲ, ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।
ਮ੍ਰਿਤਕ ਦੀ ਪਛਾਣ ਰਾਜਾ ਬਿੱਲਾ ਵਜੋਂ ਹੋਈ ਹੈ, ਜੋ ਤਰਨਤਾਰਨ ਦਾ ਰਹਿਣ ਵਾਲਾ ਸੀ। ਜ਼ਖਮੀ ਮੁਲਜ਼ਮ ਕ੍ਰਿਸ਼ਨਾ ਨਗਰ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ।
50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ਉਤੇ ਦੁਕਾਨਦਾਰ ਦਾ ਕੀਤਾ ਸੀ ਕਤਲ
ਜਾਣਕਾਰੀ ਅਨੁਸਾਰ ਮਾਰੇ ਗਏ ਮੁਲਜ਼ਮ ਰਾਜਾ ਬਿੱਲਾ ਨੇ ਬਾਬਾ ਬਕਾਲਾ ਹਲਕੇ ਦੇ ਧੂਲਕੇ ਪਿੰਡ ਵਿੱਚ ਇੱਕ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮ੍ਰਿਤਕ ਦੇ ਪੁੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਦੇ ਘਰ ‘ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ ਅਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੁਲਿਸ ਨੂੰ ਸੂਚਿਤ ਕਰਨ ਤੋਂ ਬਾਅਦ, ਪਰਿਵਾਰ ਨੂੰ ਕੋਈ ਹੋਰ ਫੋਨ ਨਹੀਂ ਆਇਆ। ਹਾਲਾਂਕਿ, ਮੁਲਜ਼ਮਾਂ ਨੇ ਫਿਰ ਉਨ੍ਹਾਂ ਦੇ ਪਿਤਾ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।