ਖਬਰਿਸਤਾਨ ਨੈੱਟਵਰਕ- ਪੁਲਸ ਤੇ ਗੈਂਗਸਟਰਾਂ ਵਿਚਕਾਰ ਡੇਰਾਬੱਸੀ–ਅੰਬਾਲਾ ਹਾਈਵੇ ‘ਤੇ ਗੋਲੀਬਾਰੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰਾਂ ਵਿਚਕਾਰ ਮੁੱਠਭੇੜ ਹੋਈ। ਇਸ ਦੌਰਾਨ ਪੁਲਿਸ ਨੇ ਗੈਂਗ ਨਾਲ ਸੰਬੰਧਤ ਚਾਰ ਸ਼ੂਟਰਾਂ ਨੂੰ ਕਾਬੂ ਕੀਤਾ, ਜਦਕਿ ਮੁਕਾਬਲੇ ਦੌਰਾਨ ਦੋ ਸ਼ੂਟਰ ਗੋਲ਼ੀ ਲੱਗਣ ਕਾਰਨ ਜ਼ਖ਼ਮੀ ਹੋਏ ਹਨ।
ਪੁਲਸ ਨੇ ਕੀਤੀ ਜਵਾਬੀ ਕਾਰਵਾਈ
ਰਿਪੋਰਟ ਮੁਤਾਬਕ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਾਰੈਂਸ ਗੈਂਗ ਦੇ ਕੁਝ ਮੈਂਬਰ ਹਾਈਵੇ ‘ਤੇ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਹਨ। ਇਸ ‘ਤੇ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ। ਜਦੋਂ ਪੁਲਸ ਨੇ ਸ਼ੂਟਰਾਂ ਦੇ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਸ਼ੂਟਰਾਂ ਵੱਲੋਂ ਪੁਲਸ ‘ਤੇ ਗੋਲ਼ੀਆਂ ਚਲਾਈਆਂ ਗਈਆਂ। ਇਸ ਤੋਂ ਬਾਅਦ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਪੁਲਿਸ ਮੁਕਾਬਲੇ ਤੋਂ ਬਾਅਦ ਮੁਕਾਬਲੇ ਵਾਲੀ ਥਾਂ ਤੋਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਹੈ, ਜਿਸ ਵਿਚ ਪਿਸਤੌਲ, ਮੈਗਜ਼ੀਨ, ਤਿੱਖੇ ਹਥਿਆਰ ਅਤੇ ਵੱਡੀ ਗਿਣਤੀ ਵਿਚ ਕਾਰਤੂਸ ਸ਼ਾਮਲ ਹਨ।
ਡੀ.ਐੱਸ.ਪੀ. ਬਰਾੜ ਨੇ ਦੱਸਿਆ ਕਿ ਜ਼ਖ਼ਮੀ ਦੋ ਸ਼ੂਟਰਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਬਾਕੀ ਦੋ ਨੂੰ ਪੁਲਿਸ ਹਿਰਾਸਤ ਵਿਚ ਲਿਆ ਗਿਆ ਹੈ। ਪੁਲਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਹੈ।