ਪੰਜਾਬ ‘ਚ ਕਿਸਾਨਾਂ ਵੱਲੋਂ 5 ਦਸੰਬਰ ਨੂੰ ਰੇਲਵੇ ਟਰੈਕ ਜਾਮ ਕਰਨ ਦਾ ਵੱਡਾ ਐਲਾਨ ਕੀਤਾ ਹੈ। ਇਹ ਵਿਰੋਧ ਪ੍ਰਦਰਸ਼ਨ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਦੋ ਘੰਟੇ ਲਈ ਕੀਤਾ ਜਾਵੇਗਾ। ਇਸ ਦੌਰਾਨ ਕੋਈ ਸੜਕ ਜਾਮ ਨਹੀਂ ਹੋਵੇਗੀ। ਕਿਸਾਨਾਂ ਦੇ ਵਿਰੋਧ ਦਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਰੇਲ ਆਵਾਜਾਈ ‘ਤੇ ਅਸਰ ਪਵੇਗਾ।
ਕੇਐਮਐਮ ਦੇ ਕਨਵੀਨਰ ਸਰਵਣ ਪੰਧੇਰ ਨੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 26 ਥਾਵਾਂ ‘ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ‘ਤੇ ਕੋਈ ਫੈਸਲਾ ਨਹੀਂ ਲਿਆ ਹੈ, ਜਿਸ ਵਿੱਚ ਐਮਐਸਪੀ ਦੀ ਗਰੰਟੀ ਦੇਣ ਵਾਲਾ ਕਾਨੂੰਨ ਵੀ ਸ਼ਾਮਲ ਹੈ।
ਕਿਸਾਨ ਮਜ਼ਦੂਰ ਮੋਰਚਾ ਦੇ ਮੁਖੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਹੈ, ਤਾਂ ਅੰਦੋਲਨ ਤੇਜ਼ ਹੋ ਸਕਦਾ ਹੈ ਅਤੇ ਹੋਰ ਵਿਆਪਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੈ।