ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਪਏ ਮੀਂਹ ਕਾਰਨ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ 3 ਤੋਂ 6 ਸਤੰਬਰ ਤੱਕ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਹੋਰ ਇਲਾਕਿਆਂ ਵਿੱਚ ਵੀ ਮੀਂਹ ਦੀ ਸੰਭਾਵਨਾ ਹੈ।
ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵੀ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ।
ਚੰਡੀਗੜ੍ਹ ਵਿੱਚ ਵੀ ਅਸਮਾਨ ਬੱਦਲਵਾਈ ਵਾਲਾ ਰਹੇਗਾ ਅਤੇ ਕੁਝ ਥਾਵਾਂ ‘ਤੇ ਬਿਜਲੀ ਦੀ ਗਰਜ ਨਾਲ ਮੀਂਹ ਪੈ ਸਕਦਾ ਹੈ। ਮੰਗਲਵਾਰ ਰਾਤ ਚੰਡੀਗੜ੍ਹ ਵਿੱਚ ਇੱਕ ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਪੰਚਕੂਲਾ ਅਤੇ ਮੋਹਾਲੀ ਵਿੱਚ ਵੀ ਰਾਤ ਨੂੰ ਮੀਂਹ ਪਿਆ।
ਪੰਜਾਬ ਵਿੱਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਮਾਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ ਹੁਣ ਤੱਕ 37 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਮਾਨਸੂਨ ਟਰੱਫ ਬਠਿੰਡਾ ਦੇ ਉੱਪਰੋਂ ਲੰਘ ਰਹੀ ਹੈ, ਜਿਸ ਕਾਰਨ ਪੰਜਾਬ ਵਿੱਚ ਮੀਂਹ ਦੀ ਗਤੀਵਿਧੀ ਵਧ ਸਕਦੀ ਹੈ। ਖਾਸ ਕਰਕੇ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ।









