ਅੰਮ੍ਰਿਤਸਰ ਤੋਂ ਪੁਲਿਸ ਵਿਭਾਗ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਗੇਟ ਹਕੀਮਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ASI ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਜਾਣਕਾਰੀ ਮੁਤਾਬਕ ਵੀਰਵਾਰ ਦੇਰ ਰਾਤ ਕਰੀਬ 2:30 ਵਜੇ ASI ਹਰਜੀਤ ਸਿੰਘ ਦਾਣਾ ਮੰਡੀ ਨੇੜੇ ਮੋਟਰਸਾਈਕਲ ‘ਤੇ ਗਸ਼ਤ ਕਰ ਰਹੇ ਸਨ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਸ-ਪਾਸ ਦੇ ਇਲਾਕੇ ਦੀ ਤਲਾਸ਼ੀ ਦੇ ਨਾਲ-ਨਾਲ CCTV ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।
ਇਸ ਦੌਰਾਨ CM ਭਗਵੰਤ ਮਾਨ ਨੇ ASI ਹਰਜੀਤ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਸਲਾਮ ਕੀਤਾ।CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ, ਜਦਕਿ HDFC ਬੈਂਕ ਵੱਲੋਂ 1 ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਜਾਵੇਗੀ। ਇਸ ਤਰ੍ਹਾਂ ਪਰਿਵਾਰ ਨੂੰ ਕੁੱਲ 2 ਕਰੋੜ ਰੁਪਏ ਦੀ ਸਹਾਇਤਾ ਮਿਲੇਗੀ।ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।









