ਬਠਿੰਡਾ ਦੀ ਨਗਰ ਪੰਚਾਇਤ ਮਲੂਕਾ ਵਿੱਚ ਆਊਟਸੋਰਸ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਆਹਮੋ-ਸਾਹਮਣੇ ਆ ਗਏ। ਹਾਜ਼ਰੀ ਰਜਿਸਟਰ ਚੈੱਕ ਕਰਨ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਮਾਮਲਾ ਵਧਣ ‘ਤੇ ਪੁਲਿਸ ਨੂੰ ਦਖਲ ਦੇਣਾ ਪਿਆ।
ਵਿਧਾਇਕ ਬਲਕਾਰ ਸਿੰਘ ਸਿੱਧੂ ਮੁਤਾਬਕ ਕੁਝ ਆਊਟਸੋਰਸ ਮੁਲਾਜ਼ਮਾਂ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੀ ਗੈਰਹਾਜ਼ਰੀ ਲਗਾਈ ਗਈ ਹੈ। ਇਸ ਸ਼ਿਕਾਇਤ ਦੇ ਆਧਾਰ ‘ਤੇ ਉਹ ਹਾਜ਼ਰੀ ਰਜਿਸਟਰ ਚੈੱਕ ਕਰਨ ਲਈ ਨਗਰ ਪੰਚਾਇਤ ਦਫ਼ਤਰ ਪਹੁੰਚੇ।
ਵਿਧਾਇਕ ਦੇ ਦਫ਼ਤਰ ਪਹੁੰਚਣ ‘ਤੇ ਹਾਜ਼ਰੀ ਰਜਿਸਟਰ ਉੱਥੇ ਮੌਜੂਦ ਨਹੀਂ ਸੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਰਜਿਸਟਰ ਨਗਰ ਪੰਚਾਇਤ ਦੇ ਪ੍ਰਧਾਨ ਆਪਣੇ ਘਰ ਲੈ ਗਏ ਹਨ। ਇਸ ਦੌਰਾਨ ਮਾਮਲੇ ਦੀ ਜਾਣਕਾਰੀ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮਿਲੀ, ਜਿਸ ਤੋਂ ਬਾਅਦ ਉਹ ਆਪਣੇ ਸਮਰਥਕਾਂ ਸਮੇਤ ਦਫ਼ਤਰ ਪਹੁੰਚ ਗਏ।
ਸਿਕੰਦਰ ਸਿੰਘ ਮਲੂਕਾ ਨੇ ਵਿਧਾਇਕ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਕਿਸੇ ਵੀ ਮੁਲਾਜ਼ਮ ਦੀ ਗੈਰਹਾਜ਼ਰੀ ਨਹੀਂ ਲਗਾਈ ਗਈ। ਉਨ੍ਹਾਂ ਕਿਹਾ ਕਿ ਵਿਧਾਇਕ ਨੂੰ ਨਗਰ ਪੰਚਾਇਤ ਦੇ ਦਫ਼ਤਰੀ ਕੰਮਕਾਜ ਵਿੱਚ ਇਸ ਤਰ੍ਹਾਂ ਦਖਲ ਦੇਣ ਦਾ ਅਧਿਕਾਰ ਨਹੀਂ ਹੈ।
ਪੁਲਿਸ ਨੇ ਸੰਭਾਲਿਆ ਮੋਰਚਾ
ਦੋਵਾਂ ਧਿਰਾਂ ਦੇ ਆਹਮੋ-ਸਾਹਮਣੇ ਆਉਣ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਮਾਮਲਾ ਵਧਦਾ ਦੇਖ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕੀਤਾ। ਪੁਲਿਸ ਦੀ ਸਲਾਹ ਤੋਂ ਬਾਅਦ ਵਿਧਾਇਕ ਉੱਥੋਂ ਵਾਪਸ ਚਲੇ ਗਏ। ਇਸ ਦੌਰਾਨ ਮਲੂਕਾ ਸਮਰਥਕਾਂ ਵੱਲੋਂ ਵਿਧਾਇਕ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।









