ਤਰਨਤਾਰਨ : ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਵਿਖੇ ਬੀਤੀ ਰਾਤ ਗੋਲੀਆਂ ਚੱਲਣ ਦੀ ਘਟਨਾ ਵਿੱਚ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਮੌਤ ਹੋ ਗਈ। ਨਵਪ੍ਰੀਤ ਸਿੰਘ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਸਨ।
ਮੁੱਢਲੀ ਜਾਣਕਾਰੀ ਮੁਤਾਬਕ ਨਵਪ੍ਰੀਤ ਸਿੰਘ ਦੀ ਸੋਨੂੰ ਕੰਡਾ ਨਾਂ ਦੇ ਵਿਅਕਤੀ ਨਾਲ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਦੋਵਾਂ ਦਾ ਅੱਡਾ ਗੱਗੋ ਬੂਹਾ ਵਿਖੇ ਆਹਮੋ-ਸਾਹਮਣਾ ਹੋਇਆ ਅਤੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ।
ਇਸ ਦੌਰਾਨ ਸੋਨੂੰ ਕੰਡਾ ਅਤੇ ਉਸ ਦੇ ਨਾਲ ਮੌਜੂਦ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਨਵਪ੍ਰੀਤ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਗੰਭੀਰ ਜ਼ਖ਼ਮੀ ਨਵਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।ਉੱਥੇ ਹੀ ਪਿਛਲੇ ਕੁਝ ਦਿਨਾਂ ਤੋਂ ਝਬਾਲ ਇਲਾਕੇ ਵਿੱਚ ਗੋਲੀਬਾਰੀ ਦੀਆਂ ਲਗਾਤਾਰ ਘਟਨਾਵਾਂ ਸਾਹਮਣੇ ਆਉਣ ਕਾਰਨ ਇਲਾਕਾ ਵਾਸੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।









