ਪੰਜਾਬ ਵਿੱਚ ਪੀ.ਆਰ.ਟੀ.ਸੀ., ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਜ਼ਮ ਜਥੇਬੰਦੀ ਦੀ ਮੀਟਿੰਗ ਬੇਨਤੀਜਾ ਰਹੀ ਹੈ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ ਹੈ।
ਜਥੇਬੰਦੀ ਦੇ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਵੱਲੋਂ ਕਿਹਾ ਗਿਆ ਕਿ ਪਰਸੋਨਲ ਵਿਭਾਗ ਤੋਂ ਲੋੜੀਂਦਾ ਡਾਟਾ ਅਜੇ ਵਾਪਸ ਨਹੀਂ ਆਇਆ, ਜਿਸ ਕਾਰਨ ਨੋਟੀਫਿਕੇਸ਼ਨ ਜਾਰੀ ਕਰਨ ਵਿੱਚ ਦੇਰੀ ਹੋ ਰਹੀ ਹੈ। ਹਾਲਾਂਕਿ, ਸਰਕਾਰ ਵੱਲੋਂ ਇਸ ਮਾਮਲੇ ਨੂੰ ਹੱਲ ਕਰਨ ਲਈ ਸਮਾਂ-ਸੀਮਾ ਦਿੱਤੇ ਜਾਣ ਦੀ ਗੱਲ ਵੀ ਕਹੀ ਗਈ ਹੈ।
ਦੂਜੇ ਪਾਸੇ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲੈਣ ਦੇ ਮੁੱਦੇ ’ਤੇ ਵੀ ਕੋਈ ਅੰਤਿਮ ਫ਼ੈਸਲਾ ਨਹੀਂ ਹੋ ਸਕਿਆ।ਰੇਸ਼ਮ ਸਿੰਘ ਨੇ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਸਰਕਾਰ ਵੱਲੋਂ ਦਿੱਤਾ ਜਾ ਰਿਹਾ ਭਰੋਸਾ ਟਰਾਂਸਪੋਰਟ ਵਿਭਾਗ ਦੇ ਸਕੱਤਰ ਦੇ ਦਸਤਖ਼ਤਾਂ ਨਾਲ ਲਿਖਤੀ ਰੂਪ ਵਿੱਚ ਦਿੱਤਾ ਜਾਵੇ। ਉਨ੍ਹਾਂ ਮੁਤਾਬਕ, ਲਿਖਤੀ ਭਰੋਸਾ ਮਿਲਣ ਤੋਂ ਬਾਅਦ ਹੀ ਮੁਲਾਜ਼ਮ ਹੜਤਾਲ ਖ਼ਤਮ ਕਰਨ ਬਾਰੇ ਵਿਚਾਰ ਕਰਨਗੇ।ਫਿਲਹਾਲ ਮੀਟਿੰਗ ਬੇਨਤੀਜਾ ਰਹਿਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਜਾਰੀ ਰਹੇਗੀ, ਜਿਸ ਨਾਲ ਟਰਾਂਸਪੋਰਟ ਸੇਵਾਵਾਂ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।









