ਗੁਰਦਾਸਪੁਰ ਵਿੱਚ ਸਰਦੀਆਂ ਦੀ ਪਹਿਲੀ ਸੰਘਣੀ ਧੁੰਦ ਨੇ ਸੜਕ ਹਾਦਸੇ ਦਾ ਰੂਪ ਧਾਰ ਲਿਆ। ਬਟਾਲਾ-ਕਾਹਨੂੰਵਾਨ ਰੋਡ ‘ਤੇ ਅੱਡਾ ਮਲਕਪੁਰ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਬੱਸ ਅਤੇ ਟਰੈਕਟਰ-ਟਰਾਲੀ ਵਿਚਕਾਰ ਵੀ ਜ਼ੋਰਦਾਰ ਟੱਕਰ ਹੋਈ, ਜਿਸ ਵਿੱਚ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ।ਮ੍ਰਿਤਕਾਂ ਦੀ ਪਛਾਣ 40 ਸਾਲਾ ਹਰਵਿੰਦਰ ਸਿੰਘ ਅਤੇ ਉਸ ਦੇ 62 ਸਾਲਾ ਪਿਤਾ ਸਲਵਿੰਦਰ ਸਿੰਘ ਵਜੋਂ ਹੋਈ ਹੈ। ਦੋਵੇਂ ਪਿੰਡ ਠੱਕਰ ਸੰਧੂ ਦੇ ਰਹਿਣ ਵਾਲੇ ਸਨ।
ਜਾਣਕਾਰੀ ਮੁਤਾਬਕ, ਪਿਓ-ਪੁੱਤ ਰੋਜ਼ਾਨਾ ਦੀ ਤਰ੍ਹਾਂ ਕੰਮਕਾਜ ਲਈ ਬਟਾਲਾ ਜਾ ਰਹੇ ਸਨ। ਜਦੋਂ ਉਹ ਅੱਡਾ ਮਲਕਪੁਰ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੇ ਇੱਕ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰਨ ਦੋਵੇਂ ਸੜਕ ‘ਤੇ ਡਿੱਗ ਪਏ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸੇ ਦੌਰਾਨ ਪਿੱਛੋਂ ਆ ਰਹੀ ਇੱਕ ਬੱਸ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ-ਟਰਾਲੀ ਸੜਕ ਕਿਨਾਰੇ ਟੋਏ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਕਈ ਯਾਤਰੀਆਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ।ਸੰਘਣੀ ਧੁੰਦ ਕਾਰਨ ਵਾਪਰੇ ਇਸ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਸਾਵਧਾਨੀ ਦੀ ਲੋੜ ਨੂੰ ਉਜਾਗਰ ਕਰ ਦਿੱਤਾ ਹੈ।









