ਪੰਜਾਬ ਵਿੱਚ ਦਿਨੋਂ-ਦਿਨ ਲੁੱਟ, ਖੋਹ ਅਤੇ ਕਤਲ ਵਰਗੀਆਂ ਘਟਨਾਵਾਂ ਵੱਧ ਰਹੀਆਂ ਹਨ। ਇਸੇ ਤਰ੍ਹਾਂ ਅੱਜ ਅੰਮ੍ਰਿਤਸਰ ਵਿੱਚ ਦਿਨ ਦਿਹਾੜੇ ਹੋਏ ਇੱਕ ਹਮਲੇ ਦੀ ਸਨਸਨੀਖੇਜ਼ ਵੀਡੀਓ ਸਾਹਮਣੇ ਆਈ ਹੈ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ।
ਵਾਇਰਲ ਵੀਡੀਓ ਵਿੱਚ ਦਿਖਾਈ ਦਿੰਦਾ ਹੈ ਕਿ ਕੁਝ ਨੌਜਵਾਨ ਕਾਲੀ ਗੱਡੀ ਵਿੱਚ ਆਉਂਦੇ ਹਨ ਅਤੇ ਸੜਕ ‘ਤੇ ਜਾ ਰਹੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੰਦੇ ਹਨ। ਟੱਕਰ ਨਾਲ ਮੋਟਰਸਾਈਕਲ ਸਵਾਰ ਸੜਕ ‘ਤੇ ਡਿੱਗ ਪੈਂਦਾ ਹੈ। ਇਸ ਤੋਂ ਬਾਅਦ ਹਮਲਾਵਰ ਹਥਿਆਰਾਂ ਨਾਲ ਉਸ ਦੇ ਪਿੱਛੇ ਦੌੜਦੇ ਹਨ ਅਤੇ ਉਸ ‘ਤੇ ਹਮਲਾ ਕਰਦੇ ਹਨ।
ਇਹ ਘਟਨਾ ਅੰਮ੍ਰਿਤਸਰ ਦੇ ਨਿਊ ਫਲਾਵਰ ਸਕੂਲ ਦੇ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਵੀਡੀਓ ਵਿੱਚ ਹਮਲਾਵਰ ਬਿਨਾਂ ਕਿਸੇ ਡਰ ਦੇ ਸਰੇਆਮ ਵਾਰਦਾਤ ਕਰਦੇ ਨਜ਼ਰ ਆ ਰਹੇ ਹਨ। ਪੀੜਤ ਦੀ ਪਛਾਣ ਮੁਖਤਿਆਰ ਸਿੰਘ ਵਜੋਂ ਹੋਈ ਹੈ, ਜੋ ਅੰਤਰਯਾਮੀ ਕਾਲੋਨੀ ਦਾ ਰਹਿਣ ਵਾਲਾ ਹੈ।
ਪੀੜਤ ਦੇ ਰਿਸ਼ਤੇਦਾਰਾਂ ਮੁਤਾਬਕ ਇਹ ਹਮਲਾ ਫਿਰੌਤੀ ਨਾ ਦੇਣ ਕਾਰਨ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੁਖਤਿਆਰ ਸਿੰਘ ਤੋਂ ਫਿਰੌਤੀ ਮੰਗੀ ਗਈ ਸੀ। ਰਕਮ ਨਾ ਮਿਲਣ ‘ਤੇ ਹਮਲਾਵਰਾਂ ਨੇ ਸਰੇਆਮ ਹਮਲਾ ਕਰ ਦਿੱਤਾ ਅਤੇ ਸੋਨੇ ਦੇ ਗਹਿਣੇ ਵੀ ਲੁੱਟ ਲਏ।
ਘਟਨਾ ਤੋਂ ਬਾਅਦ ਜ਼ਖ਼ਮੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਵਿੱਚ ਗੁੱਸਾ ਹੈ ਅਤੇ ਉਹ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾ ਰਹੇ ਹਨ।