ਹੁਸ਼ਿਆਰਪੁਰ–ਦਸੂਹਾ ਰੋਡ ‘ਤੇ ਸੰਘਣੀ ਧੁੰਦ ਕਾਰਣ ਭਿਆਨਕ ਸੜਕ ਹਾਦਸਾ ਵਾਪਰਿਆ। ਅੱਡਾ ਦੁਸੜਕਾਂ ਦੇ ਨੇੜੇ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਕੁਝ ਸਮਾਂ ਪਹਿਲਾਂ ਵਾਪਰੀ, ਜਿਸ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ।
ਮਿਲੀ ਜਾਣਕਾਰੀ ਮੁਤਾਬਕ ਸਵੇਰੇ ਦੇ ਸਮੇਂ ਇਲਾਕੇ ਵਿੱਚ ਸੰਘਣਾ ਕੋਹਰਾ ਛਾਇਆ ਹੋਇਆ ਸੀ, ਜਿਸ ਕਾਰਨ ਸੜਕ ‘ਤੇ ਵਿਜੀਬਿਲਟੀ ਬਹੁਤ ਘੱਟ ਸੀ। ਇਸੇ ਦੌਰਾਨ ਪੰਜਾਬ ਰੋਡਵੇਜ਼ ਦੀ ਇੱਕ ਬੱਸ ਅਤੇ ਇੱਕ ਕਾਰ ਦਰਮਿਆਨ ਆਮਨੇ-ਸਾਮਨੇ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਨਸ਼ਟ ਹੋ ਗਈ ਅਤੇ ਉਸ ਦੇ ਪਰਖੱਚੇ ਉੱਡ ਗਏ।
ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਸਵਾਰ ਚਾਰਾਂ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਸੜਕ ‘ਤੇ ਅਫ਼ੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਸਥਾਨਕ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਕੋਹਰਾ ਅਤੇ ਘੱਟ ਵਿਜੀਬਿਲਟੀ ਨੂੰ ਹਾਦਸੇ ਦੀ ਮੁੱਖ ਵਜ੍ਹਾ ਮੰਨਿਆ ਜਾ ਰਿਹਾ ਹੈ।