ਖ਼ਬਰਿਸਤਾਨ ਨੈੱਟਵਰਕ : ਪੰਜਾਬ ਵਿੱਚ ਧਮਕੀ ਭਰੇ ਈਮੇਲ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪਹਿਲਾਂ ਸਕੂਲਾਂ ਅਤੇ ਅਦਾਲਤਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਹੁਣ ਡੀਸੀ ਦਫ਼ਤਰਾਂ ਨੂੰ ਧਮਕੀ ਦਿੱਤੀ ਗਈ ਹੈ। ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ।
ਡੀਸੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਗੁਰਦਾਸਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫ਼ਤਰਾਂ ਨੂੰ ਧਮਕੀ ਭਰਾ ਈਮੇਲ ਪ੍ਰਾਪਤ ਹੋਇਆ ਹੈ। ਈਮੇਲ ਮਿਲਣ ਤੋਂ ਬਾਅਦ ਸਾਵਧਾਨੀ ਵਜੋਂ ਦੋਵਾਂ ਦਫ਼ਤਰਾਂ ਨੂੰ ਤੁਰੰਤ ਖਾਲੀ ਕਰਵਾਇਆ ਗਿਆ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ। ਧਮਕੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਨੇ ਪੂਰੇ ਪਰਿਸਰ ਨੂੰ ਸੀਲ ਕਰਕੇ ਸਰਚ ਓਪਰੇਸ਼ਨ ਸ਼ੁਰੂ ਕਰ ਦਿੱਤਾ।
ISKP ਦੇ ਨਾਮ ‘ਤੇ ਭੇਜਿਆ ਗਿਆ ਈਮੇਲ
ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਧਮਕੀ ਭਰਾ ਈਮੇਲ ਪਾਕਿਸਤਾਨੀ ਸੰਗਠਨ ISKP ਦੇ ਨਾਮ ‘ਤੇ ਭੇਜਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਸਬੰਧੀ ਅਧਿਕਾਰੀਆਂ ਵੱਲੋਂ ਹਜੇ ਤੱਕ ਕੋਈ ਸਰਕਾਰੀ ਬਿਆਨ ਜਾਰੀ ਨਹੀਂ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪਸ਼ਟ ਹੋ ਸਕੇਗੀ। ਪੁਲਿਸ ਮੁਤਾਬਕ ਸਵੇਰੇ ਕਰੀਬ ਸਾਢੇ 9 ਵਜੇ ਇਸ ਧਮਕੀ ਭਰੇ ਈਮੇਲ ਬਾਰੇ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਤੁਰੰਤ ਸੁਰੱਖਿਆ ਪ੍ਰੋਟੋਕੋਲ ਲਾਗੂ ਕਰ ਦਿੱਤੇ ਗਏ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ।
ਪਹਿਲਾਂ ਵੀ ਸਕੂਲਾਂ ਅਤੇ ਅਦਾਲਤਾਂ ਨੂੰ ਮਿਲ ਚੁੱਕੀਆਂ ਹਨ ਧਮਕੀਆਂ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਬਾਅਦ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਅਦਾਲਤੀ ਕੰਪਲੈਕਸਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਹਾਲਾਂਕਿ ਹਰ ਵਾਰ ਕੀਤੀ ਗਈ ਤਲਾਸ਼ੀ ਦੌਰਾਨ ਕਿਸੇ ਵੀ ਕਿਸਮ ਦਾ ਵਿਸਫੋਟਕ ਬਰਾਮਦ ਨਹੀਂ ਸੀ।



