ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕੁਖ਼ਿਆਤ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਹਥਿਆਰ ਸਪਲਾਈ ਅਤੇ ਜਬਰਨ ਉਗਰਾਹੀ (Extortion) ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ। ਤਿੰਨ ਹਫ਼ਤਿਆਂ ਤੱਕ ਚੱਲੀ ਲਗਾਤਾਰ ਮੁਹਿੰਮ ਦੌਰਾਨ ਪੁਲਿਸ ਨੇ 10 ਸ਼ੂਟਰਾਂ ਅਤੇ ਹਥਿਆਰ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਅਤਿ-ਆਧੁਨਿਕ ਹਥਿਆਰ ਬਰਾਮਦ ਕੀਤੇ ਹਨ।
2 ਆਸਟ੍ਰੀਅਨ ਗਲੌਕ ਪਿਸਤੌਲਾਂ ਸਮੇਤ 12 ਹਥਿਆਰ ਜ਼ਬਤ
ਇਸ ਸਬੰਧੀ ਪੰਜਾਬ ਦੇ ਡੀਜੀਪੀ (DGP) ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਸਟ੍ਰੀਅਨ ਗਲੌਕ ਪਿਸਤੌਲਾਂ ਸਮੇਤ ਕੁੱਲ 12 ਆਧੁਨਿਕ ਹਥਿਆਰ ਜ਼ਬਤ ਕੀਤੇ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਪੰਜਾਬ ਵਿੱਚ ਨਾਜਾਇਜ਼ ਹਥਿਆਰਾਂ ਦੀ ਤਸਕਰੀ, ਉਗਰਾਹੀ ਅਤੇ ਸੁਪਾਰੀ ਕਿਲਿੰਗ ਵਰਗੀਆਂ ਸੰਗੀਨ ਵਾਰਦਾਤਾਂ ਵਿੱਚ ਸਰਗਰਮ ਸੀ ਅਤੇ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਿਹਾ ਸੀ।
ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਬੀ.ਐਨ.ਐਸ. (BNS) ਅਤੇ ਅਸਲਾ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚੋਂ ਗੈਂਗਸਟਰ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਅਜਿਹੀਆਂ ਸਖ਼ਤ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।



