ਖ਼ਬਰਿਸਤਾਨ ਨੈੱਟਵਰਕ: ਸੁਪਰੀਮ ਕੋਰਟ ਦੇ ਨਾਮਵਰ ਵਕੀਲ ਅਤੇ ਆਮ ਆਦਮੀ ਪਾਰਟੀ (AAP) ਦੇ ਸਾਬਕਾ ਵਿਧਾਇਕ ਐਚ.ਐਸ. ਫੂਲਕਾ ਅੱਜ ਰਸਮੀ ਤੌਰ ‘ਤੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ। ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਹਰਦੀਪ ਪੁਰੀ ਨੇ ਕੀਤਾ ਸਵਾਗਤ
ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਫੂਲਕਾ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿੱਚ ਆਉਣਾ ਬਹੁਤ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਫੂਲਕਾ ਦਾ ਨਾਮ ਪੂਰੀ ਦੁਨੀਆ ਵਿੱਚ ਜਾਣਿਆ ਜਾਂਦਾ ਹੈ, ਖਾਸ ਕਰਕੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੀ ਲੜਾਈ ਇਤਿਹਾਸਕ ਹੈ।
ਪੁਰਾਣੇ ਰਿਸ਼ਤਿਆਂ ਦਾ ਦਿੱਤਾ ਹਵਾਲਾ
ਹਰਦੀਪ ਪੁਰੀ ਨੇ ਦੱਸਿਆ ਕਿ ਫੂਲਕਾ ਨਾਲ ਭਾਜਪਾ ਦਾ ਰਿਸ਼ਤਾ ਬਹੁਤ ਪੁਰਾਣਾ ਹੈ। ਸਾਲ 1992 ਵਿੱਚ ਜਦੋਂ ਦਿੱਲੀ ਵਿੱਚ ਮਦਨ ਲਾਲ ਖੁਰਾਣਾ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸੀ, ਉਦੋਂ ਫੂਲਕਾ ਉਨ੍ਹਾਂ ਦੇ ਸਲਾਹਕਾਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਉਨ੍ਹਾਂ ਕਿਹਾ ਕਿ 1984 ਵਿੱਚ ਜੋ ਹੋਇਆ ਉਹ ਦੰਗੇ ਨਹੀਂ ਸਨ, ਸਗੋਂ ਸਿੱਖ ਕੌਮ ਦਾ ਕਤਲੇਆਮ ਸੀ ਅਤੇ ਫੂਲਕਾ ਸ਼ੁਰੂ ਤੋਂ ਹੀ ਇਸ ਖ਼ਿਲਾਫ਼ ਜੰਗ ਲੜ ਰਹੇ ਹਨ।