ਖ਼ਬਰਿਸਤਾਨ ਨੈੱਟਵਰਕ: ਪੰਜਾਬ ਭਾਜਪਾ ਮੁੱਖ ਦਫ਼ਤਰ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਹਿਮਾਚਲ ਪ੍ਰਦੇਸ਼ ਦੇ ਰੋਹੜੂ ਦਾ ਰਹਿਣ ਵਾਲਾ ਹੈ, ਜਦਕਿ ਬਾਕੀ ਚਾਰ ਪੰਜਾਬ ਨਾਲ ਸਬੰਧਤ ਹਨ। ਫਿਲਹਾਲ ਸਾਰੇ ਮੁਲਜ਼ਮ ਪੁਲਿਸ ਰਿਮਾਂਡ ‘ਤੇ ਹਨ ਅਤੇ ਜਲਦੀ ਹੀ ਉਨ੍ਹਾਂ ਨੂੰ ਚੰਡੀਗੜ੍ਹ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ।
ਮੁਲਜ਼ਮਾਂ ਦੀ ਪਛਾਣ
ਫੜੇ ਗਏ ਮੁਲਜ਼ਮਾਂ ਦੀ ਪਛਾਣ ਬਲਵਿੰਦਰ ਲਾਲ ਉਰਫ਼ ਸ਼ਾਮੀ, ਜਸਵੀਰ ਸਿੰਘ, ਚਰਨਜੀਤ ਸਿੰਘ ਉਰਫ਼ ਚੰਨੀ, ਰੂਬਲ ਚੌਹਾਨ ਅਤੇ ਮਨਦੀਪ ਉਰਫ਼ ਅਭਿਜੋਤ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਵਿਦੇਸ਼ੀ ਹੈਂਡਲਰਾਂ ਅਤੇ ISI ਨਾਲ ਸਬੰਧ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅਨੁਸਾਰ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨੈੱਟਵਰਕ ਪਾਕਿਸਤਾਨੀ ਖ਼ੁਫੀਆ ਏਜੰਸੀ ISI ਨਾਲ ਜੁੜਿਆ ਹੋ ਸਕਦਾ ਹੈ। ਮੁਲਜ਼ਮਾਂ ਨੂੰ ਪੁਰਤਗਾਲ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਵੱਲੋਂ ਨਿਰਦੇਸ਼ ਮਿਲ ਰਹੇ ਸਨ।
ਹਥਿਆਰ ਅਤੇ ਗ੍ਰਨੇਡ ਬਰਾਮਦ
ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਨੇ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਖੇਪ ਨੂੰ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, 30 ਬੋਰ ਦੀ ਪਿਸਤੌਲ ਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਦੱਸਣਯੋਗ ਹੈ ਕਿ ਇਹ ਹਮਲਾ ਸ਼ਾਮ ਦੇ ਸਮੇਂ ਭਾਜਪਾ ਦਫ਼ਤਰ ਦੇ ਬਾਹਰ ਹੋਇਆ ਸੀ। ਹਾਲਾਂਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕੁਝ ਗੱਡੀਆਂ ਜ਼ਰੂਰ ਨੁਕਸਾਨੀਆਂ ਗਈਆਂ ਸਨ। ਹੁਣ ਪੰਜਾਬ ਪੁਲਿਸ, ਚੰਡੀਗੜ੍ਹ ਪੁਲਿਸ ਅਤੇ NIA ਸਮੇਤ ਹੋਰ ਏਜੰਸੀਆਂ ਮਿਲ ਕੇ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਫਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।