ਖ਼ਬਰਿਸਤਾਨ ਨੈੱਟਵਰਕ: ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਇੱਕ ਰਾਹਤ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਅੱਜ ਕਿਸਾਨਾਂ ਵੱਲੋਂ ‘ਰੇਲ ਰੋਕੋ ਅੰਦੋਲਨ’ 3 ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅੱਜ ਕਿਸਾਨਾਂ ਵੱਲੋਂ 18 ਜਿਲ੍ਹਿਆਂ ‘ਚ ਰੇਲਾਂ ਦਾ ਚੱਕਾ ਜਾਮ ਕਰਨ ਵਾਲੇ ਸਨ। KMM (ਕਿਸਾਨ ਮਜ਼ਦੂਰ ਮੋਰਚਾ) ਅਤੇ SKM (ਸੰਯੁਕਤ ਕਿਸਾਨ ਮੋਰਚਾ) ਦੇ ਸੱਦੇ ‘ਤੇ ਸੂਬੇ ਭਰ ਵਿੱਚ ਰੇਲ ਰੋਕੋ ਅੰਦੋਲਨ ਕੀਤਾ ਜਾਣਾ ਸੀ।
ਪੰਜਾਬ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਹੋ ਰਹੀ ਦੇਰੀ ਤੋਂ ਨਾਰਾਜ਼ ਕਿਸਾਨਾਂ ਨੇ ਇਹ ਫੈਸਲਾ ਲਿਆ ਸੀ। ਹਾਲਾਂਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਰੇ ਕਿਸਾਨ ਮੋਰਚਿਆਂ ਨੇ ਸਲਾਹ-ਮਸ਼ਵਰਾ ਕਰਕੇ ਸਰਕਾਰ ਨੂੰ 3 ਦਿਨਾਂ ਦਾ ਸਮਾਂ ਦਿੱਤਾ ਹੈ। ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਕਣਕ ਦੀ ਖਰੀਦ ਵਿੱਚ ਜਾਣਬੁੱਝ ਕੇ ਦੇਰੀ ਕਰ ਰਹੇ ਹਨ।
ਮੰਡੀਆਂ ਵਿੱਚ ਬਾਰਦਾਨੇ (ਬੋਰੀਆਂ) ਦੀ ਘਾਟ ਅਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਹਫ਼ਤਿਆਂ ਤੋਂ ਆਪਣੀ ਫ਼ਸਲ ਲੈ ਕੇ ਬੈਠੇ ਹਨ। ਜਗਰਾਉਂ ਵਿੱਚ ਹੋਈ ਮਹਾਪੰਚਾਇਤ ਤੋਂ ਬਾਅਦ ਆਗੂਆਂ ਨੇ ਐਲਾਨ ਕੀਤਾ ਕਿ ਨਮੀ ਦੇ ਨਾਂ ‘ਤੇ ਕਿਸਾਨਾਂ ਦਾ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਿਸਾਨਾਂ ਦੀਆਂ ਮੰਗਾਂ ਨੂੰ ਦੇਖਦੇ ਹੋਏ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਐਫ.ਸੀ.ਆਈ. (FCI) ਨੂੰ ਹੁਕਮ ਜਾਰੀ ਕੀਤੇ ਹਨ। ਐਫ.ਸੀ.ਆਈ. ਨੇ ਵੀ ਕੇਂਦਰ ਸਰਕਾਰ ਦੇ ਨਿਰਦੇਸ਼ਾਂ ‘ਤੇ ਕਣਕ ਦੀ ਖਰੀਦ ਲਈ ਮਾਪਦੰਡਾਂ ਵਿੱਚ ਛੋਟ ਦੇ ਦਿੱਤੀ ਹੈ।