ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈ-ਮੇਲ ਰਾਹੀਂ ਭੇਜੀ ਗਈ ਹੈ, ਜਿਸ ਵਿੱਚ ਲਿਖਿਆ ਹੈ, “ਸੀਐਮ ਮਾਨ ਅਤੇ ਰਵਨੀਤ ਬਿੱਟੂ ਦੀ ਅੰਤਿਮ ਯਾਤਰਾ।” ਮੇਲ ਵਿੱਚ ਅੱਗੇ ਚੇਤਾਵਨੀ ਦਿੱਤੀ ਗਈ ਹੈ ਕਿ 7 ਤੋਂ 9 ਮਈ ਤੱਕ ਕੋਈ ਵੀ ਬੱਚਾ ਸਕੂਲ ਜਾਂ ਕਾਲਜ ਨਾ ਜਾਵੇ। ਇਸ ਦੇ ਨਾਲ ਹੀ ‘ਆਤਮਘਾਤੀ ਕਾਰ IED ਰਾਹੀਂ ਹਮਲਾ ਕਰਨ ਦੀ ਗੱਲ ਵੀ ਕਹੀ ਗਈ ਹੈ।
ਈ-ਮੇਲ ਵਿੱਚ ਪੀਐਮ ਮੋਦੀ ਦਾ ਵੀ ਜ਼ਿਕਰ
ਧਮਕੀ ਭਰੀ ਇਸ ਈ-ਮੇਲ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ‘ਤੇ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਇਲਜ਼ਾਮ ਲਗਾਏ ਗਏ ਹਨ। ਮੇਲ ਵਿੱਚ ਜਾਲੰਧਰ, ਆਦਮਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਜ਼ੀਰਾ, ਸੰਗਰੂਰ ਅਤੇ ਫ਼ਤਿਹਗੜ੍ਹ ਸਾਹਿਬ ਵਰਗੇ ਸ਼ਹਿਰਾਂ ਦਾ ਵੀ ਖਾਸ ਤੌਰ ‘ਤੇ ਜ਼ਿਕਰ ਕੀਤਾ ਗਿਆ ਹੈ।
6 ਸਕੂਲਾਂ ਨੂੰ ਮਿਲ ਚੁੱਕੀ ਹੈ ਬੰਬ ਨਾਲ ਉਡਾਉਣ ਦੀ ਧਮਕੀ
ਦੱਸ ਦੇਈਏ ਕਿ ਪੰਜਾਬ ਦੇ 6 ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲਣ ਤੋਂ ਬਾਅਦ ਹੜਕੰਪ ਮਚਿਆ ਹੋਇਆ ਹੈ। ਅੱਜ ਜਾਲੰਧਰ ਦੇ ਏ.ਪੀ.ਜੇ. ਸਕੂਲ ਪ੍ਰਸ਼ਾਸਨ ਨੇ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਬੀ.ਐੱਸ.ਐੱਫ. ਸਕੂਲ ਨੂੰ ਵੀ ਖਾਲੀ ਕਰਵਾਇਆ ਜਾ ਰਿਹਾ ਹੈ। ਹਾਲਾਂਕਿ ਸਕੂਲ ਮੈਨੇਜਮੈਂਟ ਦਾ ਕਹਿਣਾ ਹੈ ਕਿ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ, ਪਰ ਅਧਿਕਾਰਤ ਤੌਰ ‘ਤੇ ਕਿਸੇ ਸਿੱਧੀ ਧਮਕੀ ਤੋਂ ਇਨਕਾਰ ਕੀਤਾ ਹੈ।