ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਬਿਜਲੀ ਡਿੱਗਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪਿਛਲੇ ਦਿਨ ਦੇ ਮੁਕਾਬਲੇ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 18 ਜੂਨ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ, ਜਿਸ ਕਾਰਨ 22 ਜੂਨ ਤੱਕ ਮੀਂਹ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋ ਸਕਦਾ ਹੈ।
ਮੌਸਮ ਵਿਭਾਗ ਨੇ 19 ਜੂਨ ਤੋਂ ਅਗਲੇ ਚਾਰ ਦਿਨਾਂ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਪ੍ਰੀ-ਮਾਨਸੂਨ ਗਤੀਵਿਧੀਆਂ ਕਾਰਨ ਤਾਪਮਾਨ ਵਿੱਚ 4 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ।ਹਾਲਾਂਕਿ ਮਾਨਸੂਨ ਦੀ ਰਫ਼ਤਾਰ ਹੌਲੀ ਪਈ ਹੋਈ ਹੈ ਅਤੇ ਇਸ ਦੇ ਜੂਨ ਦੇ ਅਖੀਰਲੇ ਹਫ਼ਤੇ ਜਾਂ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਪੰਜਾਬ ਪਹੁੰਚਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੇ ਸਥਾਨਾਂ, ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।