ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ 4 ਸਾਲਾ ਨਿਰਵੈਰ ਨੂੰ ਬਚਾਇਆ ਨਹੀਂ ਜਾ ਸਕਿਆ। ਕਰੀਬ 21 ਘੰਟਿਆਂ ਤੱਕ ਚੱਲੇ ਰੈਸਕਿਊ ਆਪਰੇਸ਼ਨ ਤੋਂ ਬਾਅਦ ਬੁੱਧਵਾਰ ਤੜਕੇ ਉਸ ਦੀ ਲਾਸ਼ ਬੋਰਵੈੱਲ ਵਿੱਚੋਂ ਬਾਹਰ ਕੱਢੀ ਗਈ। ਪੋਸਟਮਾਰਟਮ ਰਿਪੋਰਟ ਮੁਤਾਬਕ ਨਿਰਵੈਰ ਦੀ ਮੌਤ ਡਿੱਗਣ ਦੌਰਾਨ ਲੱਗੀਆਂ ਸੱਟਾਂ ਅਤੇ ਬੋਰਵੈੱਲ ਵਿੱਚ ਭਰੇ ਪਾਣੀ ਵਿੱਚ ਡੁੱਬਣ ਕਾਰਨ ਹੋਈ।
ਖੇਤ ਮਾਲਕ ਸਮੇਤ 3 ‘ਤੇ ਕੇਸ
ਇਸ ਤੋਂ ਬਾਅਦ ਪਿੰਡ ਧਨੌੜਾ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬੱਚੇ ਦੇ ਪਿਤਾ ਮਨਜੀਤ ਸਿੰਘ ਨੇ ਉਸ ਨੂੰ ਮੁੱਖ ਅਗਨੀ ਦਿੱਤੀ। ਘਟਨਾ ਤੋਂ ਬਾਅਦ ਸਦਰ ਥਾਣਾ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ‘ਤੇ ਖੇਤ ਦੇ ਮਾਲਕ ਅਤੇ ਠੇਕੇਦਾਰ ਖ਼ਿਲਾਫ਼ ਲਾਪਰਵਾਹੀ ਨਾਲ ਮੌਤ ਦਾ ਮਾਮਲਾ ਦਰਜ ਕੀਤਾ ਹੈ। ਪਰਿਵਾਰ ਦਾ ਦੋਸ਼ ਹੈ ਕਿ ਬੋਰਵੈੱਲ ਵਿੱਚੋਂ ਮੋਟਰ ਕੱਢਣ ਤੋਂ ਬਾਅਦ ਉਸ ਨੂੰ ਖੁੱਲ੍ਹਾ ਛੱਡ ਦਿੱਤਾ ਗਿਆ ਸੀ, ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ।