ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 22 ਜੁਲਾਈ ਲਈ ਸੂਬੇ ਵਿੱਚ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ।
ਅੱਜ 20 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 11 ਜ਼ਿਲ੍ਹਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਭਾਰੀ ਮੀਂਹ ਦਾ ਔਰੇਂਜ ਅਲਰਟ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕਈ ਥਾਵਾਂ ‘ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।
ਪਠਾਨਕੋਟ ਵਿੱਚ ਰਾਤ ਭਰ ਮੀਂਹ ਪਿਆ, ਜਦਕਿ ਚੰਡੀਗੜ੍ਹ ਵਿੱਚ ਸਵੇਰੇ ਤੋਂ ਹੀ ਤੇਜ਼ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ਵਿੱਚ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। 23 ਜੁਲਾਈ ਨੂੰ ਵੀ ਮਾਨਸੂਨ ਹੋਰ ਸਰਗਰਮ ਰਹਿਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਨੇ ਲੋਕਾਂ ਨੂੰ ਭਾਰੀ ਮੀਂਹ ਅਤੇ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ।