ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰਨਗੇ। ਇਸ ਵਾਰ ਸ਼ੰਭੂ ਸਰਹੱਦ ਤੋਂ 101 ਕਿਸਾਨਾਂ ਦਾ ਸਮੂਹ 14 ਦਸੰਬਰ ਨੂੰ ਪੈਦਲ ਦਿੱਲੀ ਜਾਣ ਦੀ ਕੋਸ਼ਿਸ਼ ਕਰੇਗਾ। ਇਹ ਫੈਸਲਾ ਸ਼ੰਭੂ ਸਰਹੱਦ 'ਤੇ ਹੋਈ ਮੀਟਿੰਗ 'ਚ ਲਿਆ ਗਿਆ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਸੋਮਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਪਟੀਸ਼ਨ ਪਹਿਲਾਂ ਹੀ ਪੈਂਡਿੰਗ ਹੈ। ਫਿਰ ਅਜਿਹੀਆਂ ਪਟੀਸ਼ਨਾਂ ਵਾਰ-ਵਾਰ ਕਿਉਂ ਦਾਇਰ ਕੀਤੀਆਂ ਜਾ ਰਹੀਆਂ ਹਨ।
ਪਟੀਸ਼ਨ ਨੂੰ ਰੱਦ ਕਰ ਦਿੱਤਾ
ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਇਸ ਮਾਮਲੇ 'ਤੇ ਇਕ ਪਟੀਸ਼ਨ ਪਹਿਲਾਂ ਹੀ ਪੈਂਡਿੰਗ ਹੈ। ਨਵੀਂ ਪਟੀਸ਼ਨ 'ਤੇ ਵੱਖਰੇ ਤੌਰ 'ਤੇ ਸੁਣਵਾਈ ਨਹੀਂ ਹੋਵੇਗੀ ਪਰ ਜੇਕਰ ਪਟੀਸ਼ਨਰ ਚਾਹੇ ਤਾਂ ਉਹ ਲੰਬਿਤ ਕੇਸ ਵਿੱਚ ਅਰਜ਼ੀ ਦਾਇਰ ਕਰ ਸਕਦਾ ਹੈ। ਦੱਸ ਦਈਏ ਕਿ ਗੌਰਵ ਲੂਥਰਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਸ਼ੰਭੂ ਬਾਰਡਰ ਸਮੇਤ ਹੋਰ ਸਾਰੀਆਂ ਸਰਹੱਦਾਂ ਖੋਲ੍ਹਣ ਦੀ ਮੰਗ ਕੀਤੀ ਸੀ।
ਸਰਹੱਦ ਨੂੰ ਬੰਦ ਕਰਨਾ ਮੌਲਿਕ ਅਧਿਕਾਰਾਂ ਦੀ ਉਲੰਘਣਾ
ਗੌਰਵ ਲੂਥਰਾ ਜਲੰਧਰ, ਪੰਜਾਬ ਦਾ ਰਹਿਣ ਵਾਲਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਨੂੰ ਰਾਜਾਂ ਦੀਆਂ ਸਰਹੱਦਾਂ ਖੋਲ੍ਹਣ ਦਾ ਹੁਕਮ ਦੇਵੇ। ਸਰਹੱਦ ਨੂੰ ਬੰਦ ਕਰਨਾ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ।
ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ ਤੋਂ ਸ਼ੰਭੂ ਬਾਰਡਰ 'ਤੇ ਬੈਠੇ
ਦੱਸ ਦੇਈਏ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਫਰਵਰੀ 2023 ਤੋਂ ਸ਼ੰਭੂ ਬਾਰਡਰ 'ਤੇ ਬੈਠੀਆਂ ਹਨ। 6 ਦਸੰਬਰ ਨੂੰ ਵੀ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਕਿਸਾਨਾਂ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਇਸ ਦੇ ਨਾਲ ਹੀ 8 ਦਸੰਬਰ ਨੂੰ ਕਿਸਾਨ ਮੁੜ ਦਿੱਲੀ ਵੱਲ ਵਧੇ ਪਰ ਹਰਿਆਣਾ ਪੁਲਸ ਨੇ ਫਿਰ ਕਿਸਾਨ ਵਿਰੋਧੀ ਗਤੀਵਿਧੀਆਂ ਕੀਤੀਆ। ਸ਼ੰਭੂ ਸਰਹੱਦ ਤੋਂ ਕਰੀਬ ਸਾਢੇ ਚਾਰ ਘੰਟੇ ਬਾਅਦ ਇਹ ਜਥਾ ਵਾਪਸ ਪਰਤ ਗਿਆ।
ਪੁਲਸ ਨੇ ਕਿਸਾਨਾਂ 'ਤੇ ਫੁੱਲਾਂ ਦੀ ਵਰਖਾ ਕੀਤੀ
ਸ਼ੰਭੂ ਸਰਹੱਦ 'ਤੇ ਬਣੇ ਸ਼ੈੱਡ 'ਤੇ ਖੜ੍ਹ ਕੇ ਹਰਿਆਣਾ ਪੁਲਸ ਨੇ ਕਿਸਾਨਾਂ 'ਤੇ ਫੁੱਲਾਂ ਦੀ ਵਰਖਾ ਕੀਤੀ। ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਫੁੱਲਾਂ ਵਿੱਚ ਰਸਾਇਣ ਮਿਲਾਇਆ ਗਿਆ ਸੀ। ਜਿਸ ਕਾਰਨ ਉਨ੍ਹਾਂ ਦੀਆਂ ਅੱਖਾਂ ਵਿਚ ਜਲਣ ਸ਼ੁਰੂ ਹੋ ਗਈ। ਫੁੱਲਾਂ ਦੀ ਵਰਖਾ ਕਰਨ ਤੋਂ ਬਾਅਦ ਪੁਲਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਜਿਸ 'ਚ 8 ਕਿਸਾਨ ਜ਼ਖਮੀ ਹੋ ਗਏ।