ਮੋਗਾ 'ਚ ਇਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਦੀ ਪਛਾਣ ਮਹਿੰਦਰ ਕੌਰ ਉਮਰ 55 ਸਾਲ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪਤੀ ਦਾ ਬਿਆਨ
ਜਾਣਕਾਰੀ ਦਿੰਦਿਆਂ ਮਹਿੰਦਰ ਕੌਰ ਦੇ ਪਤੀ ਦਰਸ਼ਨ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਹ ਪਿੰਡ ਦੇ ਕਿਸੇ ਵਿਅਕਤੀ ਨੂੰ ਮਿਲਣ ਲਈ ਕਿਸੇ ਕੰਮ ਲਈ ਗਿਆ ਸੀ ਪਰ ਜਦੋਂ ਉਹ ਕਰੀਬ ਇਕ ਘੰਟੇ ਬਾਅਦ ਘਰ ਪਰਤਿਆ ਤਾਂ ਉਸ ਦੀ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋ ਚੁੱਕਾ ਸੀ, ਜਿਸ ਦੀ ਮੌਤ ਹੋ ਗਈ ਸੀ।
ਦਰਸ਼ਨ ਸਿੰਘ ਨੇ ਅੱਗੇ ਦੱਸਿਆ ਕਿ ਉਸ ਦੇ ਦੋ ਲੜਕੇ ਹਨ, ਜਿਨ੍ਹਾਂ ਵਿੱਚੋਂ ਇੱਕ ਪਿੰਡ ਵਿੱਚ ਵੱਖਰੇ ਮਕਾਨ ਵਿੱਚ ਰਹਿੰਦਾ ਹੈ, ਜਦੋਂ ਕਿ ਦੂਜਾ ਪੁੱਤਰ ਦੁਬਈ ਹੈ। ਉਸ ਦੀ ਪਤਨੀ ਨੇੜੇ ਬਣੇ ਮਕਾਨ ਵਿੱਚ ਰਹਿੰਦੀ ਹੈ। ਉਹ ਅਤੇ ਉਸ ਦੀ ਪਤਨੀ ਦੋਵੇਂ ਆਪਣੇ-ਆਪਣੇ ਘਰ ਵਿਚ ਰਹਿੰਦੇ ਸਨ।
ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਮਹਿੰਦਰ ਕੌਰ ਦਾ ਕਤਲ ਕਰ ਦਿੱਤਾ। ਫਿਲਹਾਲ ਜਾਂਚ ਚੱਲ ਰਹੀ ਹੈ।