ਮਾਣਹਾਨੀ ਮਾਮਲੇ 'ਚ 'ਆਪ' ਨੇਤਾ ਅਤੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੂੰ ਮੰਗਲਵਾਰ ਨੂੰ ਵੱਡੀ ਰਾਹਤ ਮਿਲੀ ਹੈ। ਰਾਊਸ ਐਵੇਨਿਊ ਅਦਾਲਤ ਨੇ ਆਤਿਸ਼ੀ ਨੂੰ 20,000 ਰੁਪਏ ਦੇ ਜ਼ਮਾਨਤੀ ਬਾਂਡ 'ਤੇ ਜ਼ਮਾਨਤ ਦੇ ਦਿੱਤੀ। ਉਨ੍ਹਾਂ ਖ਼ਿਲਾਫ਼ ਭਾਜਪਾ ਆਗੂ ਪ੍ਰਵੀਨ ਸ਼ੰਕਰ ਕਪੂਰ ਵੱਲੋਂ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਇਸ ਸਿਲਸਿਲੇ ਵਿਚ ਅਦਾਲਤ ਨੇ ਉਸ ਨੂੰ ਸੰਮਨ ਜਾਰੀ ਕੀਤਾ ਸੀ। ਮੰਗਲਵਾਰ ਨੂੰ ਉਹ ਰਾਊਸ ਐਵੇਨਿਊ ਕੋਰਟ 'ਚ ਪੇਸ਼ ਹੋਈ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਤੋਂ ਪਹਿਲਾਂ ਮਾਣਹਾਨੀ ਦੇ ਮਾਮਲੇ ਵਿੱਚ ਆਤਿਸ਼ੀ ਨੂੰ ਦਿੱਲੀ ਦੀ ਅਦਾਲਤ ਵੱਲੋਂ ਸੰਮਨ ਜਾਰੀ ਕਰਨ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਸੀ ਅਤੇ ਦੋਸ਼ ਲਾਇਆ ਸੀ ਕਿ ਭਾਜਪਾ ਆਮ ਆਦਮੀ ਪਾਰਟੀ ਦੇ ਸਾਰੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ।
ਪ੍ਰਵੀਨ ਸ਼ੰਕਰ ਕਪੂਰ ਨੇ ਕੀਤੀ ਸੀ ਪਟੀਸ਼ਨ ਦਾਇਰ
ਪ੍ਰਵੀਨ ਸ਼ੰਕਰ ਕਪੂਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਤਿਸ਼ੀ ਮਾਰਲੇਨਾ ਖਿਲਾਫ ਅਪਰਾਧਿਕ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ 28 ਮਈ ਨੂੰ ਪ੍ਰਵੀਨ ਸ਼ੰਕਰ ਕਪੂਰ ਦੀ ਮਾਣਹਾਨੀ ਪਟੀਸ਼ਨ ਦਾ ਨੋਟਿਸ ਲਿਆ ਸੀ।