ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਪਹੁੰਚੇ। ਸੰਜੇ ਸਿੰਘ ਮੁੱਖ ਮੰਤਰੀ ਮਾਨ ਦੀ ਬੇਟੀ ਨਿਆਮਤ ਕੌਰ ਨੂੰ ਆਸ਼ੀਰਵਾਦ ਦੇਣ ਪਹੁੰਚੇ ਹਨ। ਸੰਜੇ ਸਿੰਘ ਚੰਡੀਗੜ੍ਹ ਦੌਰੇ 'ਤੇ ਹਨ। ਇਸ ਦੌਰਾਨ ਸੀ.ਐਮ ਮਾਨ ਨੇ ਸੰਜੇ ਸਿੰਘ ਦਾ ਗਲਵੱਕੜੀ ਪਾ ਕੇ ਸਵਾਗਤ ਕੀਤਾ।
ਜ਼ਿਕਰਯੋਗ ਹੈ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਸੰਜੇ ਸਿੰਘ ਪਹਿਲੀ ਵਾਰ ਪੰਜਾਬ ਆਏ ਹਨ। ਮੁੱਖ ਮੰਤਰੀ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਲੋਕ ਸਭਾ ਚੋਣਾਂ ਦੀ ਰਣਨੀਤੀ 'ਤੇ ਚਰਚਾ ਕੀਤੀ ਜਾਵੇਗੀ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਸ਼ਰਾਬ ਨੀਤੀ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਜੇ ਸਿੰਘ 'ਤੇ ਆ ਗਈ ਹੈ। ਇਸੇ ਲੜੀ ਤਹਿਤ ਮੰਗਲਵਾਰ ਨੂੰ ਸੰਜੇ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਕਰਨਗੇ।