ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੁਜਾਰੀ ਗ੍ਰੰਥੀ ਸਨਮਾਨ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਵਿਚ ਹਰ ਮਹੀਨੇ 18000 ਰੁਪਏ ਦਿੱਤੇ ਜਾਣਗੇ।
AAP ਚੋਣਾਂ ਨੂੰ ਲੈ ਕੇ ਸਰਗਰਮ
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਚੋਣਾਂ ਨੂੰ ਲੈ ਕੇ ਪੂਰੀ ਤਰ੍ਹਾਂ ਸਰਗਰਮ ਹੋ ਗਈ ਹੈ। ਕੁਝ ਦਿਨ ਪਹਿਲਾਂ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਆਪਣੇ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਾਰਟੀ ਨੇ ਕੁਝ ਨਵੇਂ ਚਿਹਰਿਆਂ ਨੂੰ ਵੀ ਮੈਦਾਨ ਵਿੱਚ ਉਤਾਰਿਆ ਹੈ। ਉੱਥੇ ਹੀ ਅੱਜ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਸੀਐਮ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਇਹ ਵੱਡਾ ਐਲਾਨ ਕੀਤਾ ਹੈ।
"ਪੁਜਾਰੀ ਗ੍ਰੰਥੀ ਸਨਮਾਨ ਯੋਜਨਾ"
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਨਵੀਂ ਸਕੀਮ ਦਾ ਐਲਾਨ ਕੀਤਾ ਹੈ, ਜਿਸ ਨੂੰ "ਪੁਜਾਰੀ ਗ੍ਰੰਥੀ ਸਨਮਾਨ ਯੋਜਨਾ" ਦਾ ਨਾਂ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਮੰਦਰਾਂ ਦੇ ਪੁਜਾਰੀਆਂ ਅਤੇ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਮਹੀਨਾਵਾਰ ਸਨਮਾਨ ਰਾਸ਼ੀ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।
ਕੇਜਰੀਵਾਲ ਨੇ ਕਿਹਾ ਕਿ ਇਸ ਯੋਜਨਾ ਤਹਿਤ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਲਗਭਗ 18,000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਕਦਮ ਸਮਾਜ ਵਿੱਚ ਇਨ੍ਹਾਂ ਮਹੱਤਵਪੂਰਨ ਧਾਰਮਕ ਸ਼ਖਸੀਅਤਾਂ ਦੇ ਯੋਗਦਾਨ ਨੂੰ ਸਨਮਾਨਤ ਕਰਨ ਲਈ ਚੁੱਕਿਆ ਗਿਆ ਹੈ, ਤਾਂ ਜੋ ਉਹ ਆਰਥਕ ਤੌਰ 'ਤੇ ਮਜ਼ਬੂਤ ਮਹਿਸੂਸ ਕਰਨ ਅਤੇ ਬਿਨਾਂ ਕਿਸੇ ਚਿੰਤਾ ਦੇ ਆਪਣਾ ਕੰਮ ਕਰ ਸਕਣ।