ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵੱਲੋਂ ਹਾਲ ਹੀ ਵਿਚ ਜਾਰੀ ਕੀਤੇ ਆਦੇਸ਼ ਅਨੁਸਾਰ ਹਵਾਈ ਅੱਡੇ ’ਤੇ ਡਿਊਟੀ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਡਿਊਟੀ ਦੌਰਾਨ ਕਿਰਪਾਨ ਪਹਿਨਣ ’ਤੇ ਰੋਕ ਲਗਾਉਣੀ ਸਿੱਖਾਂ ਨਾਲ ਧੱਕਾ ਹੈ।
ਹਵਾਬਾਜ਼ੀ ਮੰਤਰੀ ਨੂੰ ਲਿਖਿਆ ਪੱਤਰ
ਇਸ ਮਾਮਲੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਹੀ ਦੇਸ਼ ਅੰਦਰ ਇਹ ਵਿਤਕਰਾ ਦੇਸ਼ ਦੇ ਨਾਗਰਿਕ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਵੱਡਾ ਹਮਲਾ ਹੈ। ਭਾਰਤ ਸਰਕਾਰ ਨੂੰ ਇਹ ਕਦੇ ਵੀ ਨਹੀਂ ਭੁੱਲਣਾ ਚਾਹੀਦਾ ਕਿ ਇਸ ਦੇਸ਼ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਵੱਡੀਆਂ ਕੁਰਬਾਨੀਆਂ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਦੇਸ਼ ਲਈ ਆਪਾ ਵਾਰਨ ਵਾਲੇ ਸਿੱਖਾਂ ਨਾਲ ਆਪਣੇ ਹੀ ਦੇਸ਼ ਵਿਚ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਅਜਿਹੀਆਂ ਗੱਲਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਸ ਨਾਲ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਹੋਵੇ।
ਸਿੱਖ ਧਰਮ ਵਿੱਚ ਕਿਰਪਾਨ ਇੱਕ ਪਵਿੱਤਰ ਚਿੰਨ੍ਹ
ਇਸ ਸਬੰਧੀ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦੀ ਆਲੋਚਨਾ ਕਰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਕਿਰਪਾਨ ਇੱਕ ਪਵਿੱਤਰ ਚਿੰਨ੍ਹ ਹੈ ਅਤੇ ਇਸ ਨੂੰ ਪਹਿਨਣਾ ਧਾਰਮਿਕ ਅਧਿਕਾਰ ਹੈ। ਐਵੀਏਸ਼ਨ ਅਥਾਰਟੀ ਵੱਲੋਂ ਸਿੱਖਾਂ ਨੂੰ ਡਿਊਟੀ ਦੌਰਾਨ ਕਿਰਪਾਨ ਨਾ ਪਹਿਨਣ ਦੇ ਦਿੱਤੇ ਗਏ ਹੁਕਮ ਗਲਤ ਹਨ।
ਭਾਰਤੀ ਸੰਵਿਧਾਨ ਧਾਰਮਿਕ ਚਿੰਨ੍ਹ ਪਹਿਨਣ ਦੀ ਆਜ਼ਾਦੀ ਦਿੰਦਾ ਹੈ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਿੱਖਾਂ ਨੂੰ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਦੀ ਆਜ਼ਾਦੀ ਦਿੰਦਾ ਹੈ। ਇਸ ਵਿੱਚ ਪੰਜ ਕੱਕਾਰ (ਕੇਸ਼, ਕੜਾ, ਕੰਘਾ, ਕਛਹਿਰਾ ਅਤੇ ਕਿਰਪਾਨ) ਹਨ, ਜੋ ਸਿੱਖਾਂ ਲਈ ਬਹੁਤ ਮਹੱਤਵਪੂਰਨ ਹਨ।