ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਪਰ 2 ਜੂਨ ਨੂੰ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਵੀ ਕਿਹਾ ਗਿਆ। ਇਸ ਬਾਰੇ ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅੱਜ ਆਪਣੇ ਘਰ ਹੀ ਡਿਨਰ ਕਰਨਗੇ। ਜੋ ਕਿ 49 ਦਿਨਾਂ ਬਾਅਦ ਆਪਣੇ ਘਰ ਦਾ ਖਾਣਾ ਖਾਣਗੇ। ਉਨ੍ਹਾਂ ਕਿਹਾ ਕਿ ਅਦਾਲਤ ਦੇ ਫੈਸਲੇ ਨਾਲ ਨਾ ਸਿਰਫ ਕੇਜਰੀਵਾਲ ਨੂੰ ਜ਼ਮਾਨਤ ਮਿਲੀ ਹੈ ਸਗੋਂ ਸੱਚ,ਸੰਵਿਧਾਨ ਅਤੇ ਲੋਕਤੰਤਰ ਦੀ ਵੀ ਜਿੱਤ ਹੋਈ ਹੈ।
‘ਆਪ’ ਆਗੂਆਂ ਨੇ ਕਿਹਾ ਕਿ ਅਸੀਂ ਸੰਵਿਧਾਨ ਅਤੇ ਲੋਕਤੰਤਰ ਦੀ ਰਾਖੀ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਾਂ। ਹੁਣ ਤਾਨਾਸ਼ਾਹੀ ਖਤਮ ਹੋ ਜਾਵੇਗੀ ਅਤੇ ਇਹ 2024 ਦੀਆਂ ਚੋਣਾਂ ਵਿੱਚ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਆਪਣੀ ਵੋਟ ਦੀ ਤਾਕਤ ਨਾਲ ਤਾਨਾਸ਼ਾਹੀ ਸ਼ਾਸਨ ਨੂੰ ਉਖਾੜ ਸੁੱਟੋ।
ਫਿਲਹਾਲ ਕੇਜਰੀਵਾਲ ਦੀ ਜ਼ਮਾਨਤ 'ਤੇ ਕੋਈ ਰੋਕ ਨਹੀਂ ਲਗਾਈ ਗਈ ਹੈ ਪਰ ਲਿਖਤੀ ਹੁਕਮ ਆਉਣਾ ਬਾਕੀ ਹੈ, ਜਿਸ ਤੋਂ ਬਾਅਦ ਹੀ ਜ਼ਮਾਨਤ ਸਬੰਧੀ ਸਾਰਾ ਮਾਮਲਾ ਸਾਫ਼ ਹੋ ਸਕੇਗਾ। ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਹੀ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੀ ਗੱਲ ਕਹੀ ਸੀ ਪਰ ਇਸਦੇ ਲਈ ਕੁਝ ਸ਼ਰਤਾਂ ਵੀ ਲਗਾਈਆਂ ਗਈਆਂ ਸਨ।