ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ, ਇਸ ਤੋਂ ਬਾਅਦ ਹੁਣ ਸੁਖਬੀਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਹੋਰ ਪੱਤਰ ਲਿਖ ਕੇ ਉਸ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ ਵਿਚ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਬੇਨਤੀ ਕੀਤੀ ਹੈ।
ਸੁਖਬੀਰ ਬਾਦਲ ਦੀ ਤਨਖਾਹ 'ਤੇ ਅਜੇ ਤੱਕ ਕੋਈ ਫੈਸਲਾ ਨਹੀਂ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ। ਉਸ ਵੇਲੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਬੇਨਤੀ ਪੱਤਰ ਦਿੱਤਾ ਸੀ, ਜਿਸ ਵਿੱਚ ਉਨਾਂ ਕਿਹਾ ਸੀ ਕਿ ਉਨਾਂ ਨੂੰ ਤਨਖਾਹੀਆ ਕਰਾਰ ਦਿੱਤੇ ਨੂੰ ਕਾਫੀ ਸਮਾਂ ਹੋ ਗਿਆ ਹੈ, ਜਿਸ ਕਰਕੇ ਹੁਣ ਉਨਾਂ ਦੀ ਤਨਖਾਹ ਉਤੇ ਕੋਈ ਫੈਸਲਾ ਲੈ ਲਿਆ ਜਾਵੇ।
ਦੂਜੀ ਚਿੱਠੀ ਵਿਚ ਕੀ ਲਿਖਿਆ
ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਗਈ ਦੂਜੀ ਚਿੱਠੀ ਵਿੱਚ ਸੁਖਬੀਰ ਸਿੰਘ ਬਾਦਲ ਨੇ ਆਪਣੇ ਅਸਤੀਫੇ ਦਾ ਜ਼ਿਕਰ ਕੀਤਾ ਹੈ। ਸੁਖਬੀਰ ਨੇ ਲਿਖਿਆ ਕਿ ਹੁਣ ਦਾਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਮੈਂ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਨਤਮਸਤਕ ਹੋਣਾ ਚਾਹੁੰਦਾ ਹਾਂ।