ਸ਼੍ਰੋਮਣੀ ਅਕਾਲੀ ਦਲ ਨੇ ਜੀਤ ਮਹਿੰਦਰ ਸਿੱਧੂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਜਾਣਕਾਰੀ ਅਨੁਸਾਰ ਸਿੱਧੂ ਨੂੰ ਨੋਟਿਸ ਜਾਰੀ ਕਰ ਕੇ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਸੀ ਕਿ ਉਨ੍ਹਾਂ ਨੂੰ ਪਾਰਟੀ 'ਚੋਂ ਕਿਉਂ ਨਾ ਕੱਢਿਆ ਜਾਵੇ। ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ ਕਿ ਮਹਿੰਦਰ ਸਿੱਧੂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਨੁਸ਼ਾਸਨ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪਾਰਟੀ ਵਿਰੁੱਧ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਉਨ੍ਹਾਂ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ। ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਇਹ ਸ਼ਿਕਾਇਤ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ, ਜਿਸ ਨੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਸ਼ਿਕਾਇਤ ਭੇਜ ਦਿੱਤੀ ਸੀ।
ਬਲਕਾਰ ਸਿੰਘ ਬਰਾੜ ਨੂੰ ਸ਼ਿਕਾਇਤ ਮਿਲੀ ਸੀ
ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖਿਲਾਫ ਸ਼ਿਕਾਇਤ ਮਿਲੀ ਸੀ, ਜਿਸ 'ਤੇ ਵਿਚਾਰ ਕਰਨ ਲਈ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਵਰਚੁਅਲ ਮੀਟਿੰਗ ਕੀਤੀ। ਪਾਰਟੀ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ। ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਅਤੇ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ ।