ਖਬਰਿਸਤਾਨ ਨੈੱਟਵਰਕ - ਲੁਧਿਆਣਾ ਪੱਛਮੀ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ। ਘੁੰਮਣ ਇੱਕ ਮਸ਼ਹੂਰ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ।ਐਡਵੋਕੇਟ ਘੁੰਮਣ ਪਿਛਲੇ ਲੰਬੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ।
ਪਾਰਟੀ ਪ੍ਰਤੀ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਲਾਨਿਆ ਨਾਮ
ਸੁਖਬੀਰ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਲੁਧਿਆਣਾ ਦੇ ਸਾਰੇ ਸੀਨੀਅਰ ਆਗੂਆਂ ਦੇ ਨਾਲ-ਨਾਲ ਇਲਾਕੇ ਦੇ ਸਾਰੇ ਮੌਜੂਦਾ ਅਤੇ ਸਾਬਕਾ ਨਗਰ ਕੌਂਸਲਰਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਘੁੰਮਣ ਦੇ ਨਾਮ ਦਾ ਐਲਾਨ ਕੀਤਾ। ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰਿਆਂ ਨੇ ਸਰਬਸੰਮਤੀ ਨਾਲ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਕੀਤੀ ਸੀ।
ਬਾਦਲ ਨੇ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਹਰੀਸ਼ ਰਾਏ ਢਾਂਡਾ, ਪ੍ਰਿਤਪਾਲ ਸਿੰਘ ਪਾਲੀ ਅਤੇ ਡਾ. ਦਲਜੀਤ ਸਿੰਘ ਚੀਮਾ 'ਤੇ ਆਧਾਰਿਤ ਪੰਜ ਮੈਂਬਰੀ ਪ੍ਰਚਾਰ ਕਮੇਟੀ ਦਾ ਐਲਾਨ ਵੀ ਕੀਤਾ ਹੈ, ਜੋ ਕੋਆਰਡੀਨੇਟਰ ਵਜੋਂ ਕੰਮ ਕਰੇਗੀ।
ਜ਼ਿਕਰਯੋਗ ਹੈ ਕਿ ਕਾਂਗਰਸ ਨੇ ਭਾਰਤ ਭੂਸ਼ਣ ਆਸ਼ੂ ਨੂੰ ਅਤੇ ਆਮ ਆਦਮੀ ਪਾਰਟੀ ਨੇ ਸੰਜੀਵ ਅਰੋੜਾ ਨੂੰ ਆਪਣਾ ਉਮੀਦਵਾਰ ਪਹਿਲਾਂ ਹੀ ਐਲਾਨ ਦਿੱਤਾ ਸੀ। ਭਾਜਪਾ ਨੇ ਅਜੇ ਤੱਕ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ।