ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ 'ਚੋਂ ਕੱਢਣ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ 'ਚ ਫੁੱਟ ਪੈਂਦੀ ਨਜ਼ਰ ਆ ਰਹੀ ਹੈ। ਕਿਉਂਕਿ ਪਾਰਟੀ ਦੇ ਕੁਝ ਆਗੂਆਂ ਨੇ ਕੈਰੋਂ 'ਤੇ ਲਏ ਫੈਸਲੇ 'ਤੇ ਇਤਰਾਜ਼ ਪ੍ਰਗਟਾਇਆ ਹੈ। ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਨੇ ਇਸ ਦਾ ਖੁੱਲ੍ਹ ਕੇ ਵਿਰੋਧ ਕਰਦਿਆਂ ਇਸ ਨੂੰ ਗਲਤ ਕਰਾਰ ਦਿੱਤਾ ਹੈ।
ਵਿਰਸਾ ਵਲਹੋਟਾ ਨੇ ਕੀਤੀ ਸੀ ਸ਼ਿਕਾਇਤ
ਦਰਅਸਲ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਆਦੇਸ਼ ਪ੍ਰਤਾਪ ਕੈਰੋਂ ਖਿਲਾਫ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਵਲਟੋਹਾ ਨੇ ਦੋਸ਼ ਲਾਇਆ ਸੀ ਕਿ ਕੈਰੋਂ ਨੇ ਅਕਾਲੀ ਦਲ ਦੇ ਵਰਕਰਾਂ ’ਤੇ ਦਬਾਅ ਬਣਾਇਆ ਕਿ ਉਹ ਚੋਣਾਂ ਵਿੱਚ ਵਲਟੋਹਾ ਦੇ ਹੱਕ ਵਿੱਚ ਵੋਟ ਨਾ ਪਾਉਣ|
ਜਿਸ ਤੋਂ ਬਾਅਦ ਮਾਮਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਪਹੁੰਚਿਆ। ਸੁਖਬੀਰ ਬਾਦਲ ਨੇ ਵਲਟੋਹਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।
ਕੈਰੋਂ ਸੁਖਬੀਰ ਦਾ ਜੀਜਾ ਹੈ
ਆਦੇਸ਼ ਪ੍ਰਤਾਪ ਸਿੰਘ ਕੈਰੋਂ ਸਿਰਫ਼ ਪਾਰਟੀ ਦੇ ਸੀਨੀਅਰ ਆਗੂ ਹੀ ਨਹੀਂ ਹਨ ਸਗੋਂ ਪੰਜਾਬ ਦੇ ਤੀਜੇ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਪਰਿਵਾਰ ਨਾਲ ਸਬੰਧਤ ਹਨ। ਇੰਨਾ ਹੀ ਨਹੀਂ ਆਦੇਸ਼ ਪ੍ਰਤਾਪ ਸਿੰਘ ਬਾਦਲ ਪਰਿਵਾਰ ਦੇ ਜਵਾਈ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਜੀਜਾ ਹਨ। ਕੈਰੋਂ ਪਰਿਵਾਰ ਸਿਰਫ਼ ਤਰਨਤਾਰਨ ਪੱਟੀ ਵਿੱਚ ਹੀ ਨਹੀਂ ਸਗੋਂ ਪੂਰੇ ਸੂਬੇ ਵਿੱਚ ਪਹਿਚਾਣ ਹੈ।