ਦਸੰਬਰ ਦਾ ਮਹੀਨਾ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਤੋਂ ਬਾਅਦ ਕੜਾਕੇ ਦੀ ਠੰਡ ਸ਼ੁਰੂ ਹੋਣ ਵਾਲੀ ਹੈ। ਇਸ ਦੌਰਾਨ ਕਈ ਰਾਜਾਂ 'ਚ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ 29 ਨਵੰਬਰ ਤੋਂ ਪੱਛਮੀ ਹਿਮਾਲਿਆ ਖੇਤਰ 'ਚ ਤਾਜ਼ਾ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਜਿਸ ਕਾਰਨ ਹਿਮਾਚਲ ਪ੍ਰਦੇਸ਼ 'ਚ 28 ਤੋਂ 29 ਨਵੰਬਰ ਤੱਕ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ 28 ਨਵੰਬਰ ਤੋਂ 1 ਦਸੰਬਰ ਤੱਕ ਵੱਖ-ਵੱਖ ਜਗ੍ਹਾਂ 'ਤੇ ਸਵੇਰ ਤੋਂ ਹੀ ਕੋਹਰਾ ਰਹੇਗਾ । ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੱਛਮੀ ਡਿਸਟਰਬੈਂਸ ਹੋਇਆ ਸਰਗਰਮ
ਪੰਜਾਬ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ 'ਚ ਤਾਪਮਾਨ ਵਿੱਚ 1 ਡਿਗਰੀ ਅਤੇ ਚੰਡੀਗੜ੍ਹ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪਾਕਿਸਤਾਨ-ਇਰਾਨ ਸਰਹੱਦ 'ਤੇ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ, ਜਿਸ ਤੋਂ ਬਾਅਦ 30 ਨਵੰਬਰ ਤੋਂ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ 1 ਤੋਂ 2 ਡਿਗਰੀ ਦੀ ਹੋਰ ਗਿਰਾਵਟ ਆਵੇਗੀ।
ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਲੇਰਕੋਟਲਾ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਦਾ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।