ਜਲੰਧਰ ਵਿੱਚ ਪੁਲਸ ਅਲਰਟ ਮੋਡ ਉਤੇ ਹੈ ਅਤੇ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਖ਼ਤੀ ਨਾਲ ਨਾਕੇਬੰਦੀ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਅੱਜ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਅਚਾਨਕ ਨਿਰੀਖਣ ਲਈ ਰਾਮਾ ਮੰਡੀ ਪੁਲਸ ਸਟੇਸ਼ਨ ਪਹੁੰਚੇ ਅਤੇ ਸਾਰੇ ਉਪਕਰਣਾਂ ਦੀ ਜਾਂਚ ਕੀਤੀ।
ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਿਕਰੀ ਉਤੇ ਵੀ ਉਨ੍ਹਾਂ ਸਖਤ ਐਕਸ਼ਨ ਲਿਆ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਚਾਈਨਾ ਡੋਰ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ ਪਰ ਇਸ ਦੇ ਬਾਵਜੂਦ ਚਾਈਨਾ ਡੋਰ ਵੇਚੀ ਜਾ ਰਹੀ ਹੈ ਪਰ ਡੀਜੀਪੀ ਅਰਪਿਤ ਸ਼ੁਕਲਾ ਨੇ ਇਸ ਮਾਮਲੇ 'ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚਾਈਨਾ ਡੋਰ ਵਿੱਚ ਫਸਣ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਚਲੀਆਂ ਜਾਂਦੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋ ਰਹੇ ਹਨ।
ਪਿਛਲੇ ਸਾਲ ਪੁਲਸ ਨੇ 109 ਮਾਮਲੇ ਦਰਜ ਕੀਤੇ ਸਨ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਸ ਵੱਲੋਂ ਇਸ ਖਤਰਨਾਕ ਚਾਈਨਾ ਡੋਰ ਵਿਰੁੱਧ ਕਾਰਵਾਈ ਕਰਨ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜਣ ਲਈ ਮੁਹਿੰਮ ਚਲਾਈ ਗਈ ਹੈ। ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪਿਛਲੇ ਸਾਲ ਪੁਲਸ ਵੱਲੋਂ 109 ਮਾਮਲੇ ਦਰਜ ਕੀਤੇ ਗਏ ਸਨ ਜਦੋਂ ਕਿ ਇਸ ਸਾਲ ਜਨਵਰੀ ਤੱਕ 100 ਤੋਂ ਵੱਧ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਤੰਗ ਉਡਾਉਣ ਦੇ ਦੋ ਮਹੀਨੇ ਹੁੰਦੇ ਹਨ, ਅਜਿਹੀ ਸਥਿਤੀ ਵਿੱਚ ਚਾਈਨਾ ਡੋਰ ਦੀ ਵਿਕਰੀ ਸ਼ੁਰੂ ਹੋ ਜਾਂਦੀ ਹੈ।
112 ਨੰਬਰ ਉਤੇ ਕਾਲ ਕਰ ਕੇ ਦਿੱਤੀ ਜਾਵੇ ਜਾਣਕਾਰੀ
ਇਸ ਕਾਰਨ ਲੋਕਾਂ ਨੂੰ ਅਪੀਲ ਕਰਦੇ ਹੋਏ ਅਰਪਿਤ ਸ਼ੁਕਲਾ ਨੇ ਕਿਹਾ ਕਿ ਉਹ 112 ਨੰਬਰ 'ਤੇ ਕਾਲ ਕਰ ਕੇ ਸੂਚਿਤ ਕਰਨ ਜਾਂ ਪੁਲਸ ਨੂੰ ਸਿੱਧੀ ਜਾਣਕਾਰੀ ਦੇਣ ਤਾਂ ਜੋ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਪੁਲਸ ਅਤੇ ਦੁਕਾਨਦਾਰਾਂ ਵਿਚਕਾਰ ਹੋਈ ਗੱਲਬਾਤ ਬਾਰੇ ਅਰਪਿਤ ਸ਼ੁਕਲਾ ਨੇ ਕਿਹਾ ਕਿ ਥੋਕ ਵਪਾਰੀਆਂ ਨਾਲ ਇੱਕ ਮੀਟਿੰਗ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਚਾਈਨਾ ਡੋਰ ਨਾ ਵੇਚਣ ਦੀ ਅਪੀਲ ਕੀਤੀ ਗਈ।ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਭਰੋਸਾ ਦਿੱਤਾ ਹੈ ਕਿ ਉਹ ਇਸ ਨੂੰ ਨਹੀਂ ਵੇਚਣਗੇ।
ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਚਾਈਨਾ ਡੋਰ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਡੂੰਘਾਈ ਨਾਲ ਜਾ ਕੇ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।