ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਸਾਰੇ ਪ੍ਰਾਇਮਰੀ ਸਕੂਲ ਯਾਨੀ ਪੰਜਵੀਂ ਜਮਾਤ ਤੱਕ 10 ਨਵੰਬਰ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਾਰਲੇਨਾ ਨੇ ਦਿੱਤੀ। ਦੱਸ ਦੇਈਏ ਕਿ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਹੋ ਗਈ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ।
ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ
ਸਕੂਲ ਪੰਜਵੀਂ ਜਮਾਤ ਤੱਕ ਬੰਦ ਰਹਿਣਗੇ ਪਰ ਬੱਚਿਆਂ ਲਈ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲੀ ਵਿਦਿਆਰਥੀਆਂ ਨੂੰ ਸਕੂਲ ਬੰਦ ਕਾਰਣ ਆਨਲਾਈਨ ਕਲਾਸਾਂ ਸ਼ੁਰੂ ਕਰਨ ਦਾ ਵਿਕਲਪ ਦਿੱਤਾ ਗਿਆ ਹੈ।
ਪਹਿਲਾਂ 4 ਤਰੀਕ ਤੱਕ ਬੰਦ ਸਨ ਸਕੂਲ
2 ਨਵੰਬਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਵਾ ਪ੍ਰਦੂਸ਼ਣ ਕਾਰਨ ਪ੍ਰਾਇਮਰੀ ਸਕੂਲਾਂ ਨੂੰ 4 ਨਵੰਬਰ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਸੀ, ਜਿਸ ਨੂੰ ਅੱਜ ਸਿੱਖਿਆ ਮੰਤਰੀ ਆਤਿਸ਼ੀ ਨੇ 10 ਨਵੰਬਰ ਤੱਕ ਵਧਾ ਦਿੱਤਾ ਹੈ।
AQI 400 ਨੂੰ ਪਾਰ
ਦੇਸ਼ ਦੀ ਰਾਜਧਾਨੀ ਦਿੱਲੀ ਗੈਸ ਚੈਂਬਰ ਵਿੱਚ ਤਬਦੀਲ ਹੋ ਗਈ ਹੈ ਅਤੇ ਹਵਾ ਗੁਣਵੱਤਾ ਸੂਚਕ ਅੰਕ 410 ਤੱਕ ਪਹੁੰਚ ਗਿਆ ਹੈ। ਹਵਾ ਇੰਨੀ ਜ਼ਹਿਰੀਲੀ ਹੋ ਗਈ ਹੈ ਕਿ ਲੋਕਾਂ ਨੂੰ ਸਾਹ ਲੈਣ 'ਚ ਤਕਲੀਫ ਅਤੇ ਅੱਖਾਂ 'ਚ ਜਲਣ ਹੋ ਰਹੀ ਹੈ।
ਇਨ੍ਹਾਂ ਚੀਜ਼ਾਂ 'ਤੇ ਪਾਬੰਦੀ
ਦਿੱਲੀ ਸਰਕਾਰ ਨੇ ਦਿੱਲੀ-ਐਨਸੀਆਰ ਵਿੱਚ ਸਰਕਾਰੀ ਨਿਰਮਾਣ ਕਾਰਜਾਂ ਅਤੇ ਉਸਾਰੀ ਅਤੇ ਢਾਹੁਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਬੀ.ਐੱਸ.3 ਪੈਟਰੋਲ ਅਤੇ ਬੀ.ਐੱਸ.4 ਡੀਜ਼ਲ-4 ਵਾਹਨਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸੀਏਕਿਊਐੱਮ ਨੇ ਨਿਰਦੇਸ਼ ਦਿੱਤੇ ਹਨ ਕਿ ਜੇਕਰ ਸਰਕਾਰ ਜ਼ਰੂਰੀ ਸਮਝੇ ਤਾਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਜਾਣ ਦੀ ਬਜਾਏ ਆਨਲਾਈਨ ਕਲਾਸਾਂ ਦੀ ਵਿਵਸਥਾ 'ਤੇ ਫੈਸਲਾ ਲਵੇ।