ਪੰਜਾਬ ਵਿੱਚ ਧੂੰਆਂ ਤੇ ਸੰਘਣੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਵਿਜ਼ੀਬਿਲਟੀ ਵੀ ਘੱਟ ਗਈ ਹੈ। ਇਸ ਦੇ ਨਾਲ ਹੀ ਇਸ ਦਾ ਅਸਰ ਹਵਾਈ ਯਾਤਰਾ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਉਡਾਣਾਂ ਤੈਅ ਸਮੇਂ ਤੋਂ ਦੇਰੀ ਨਾਲ ਪਹੁੰਚ ਰਹੀਆਂ ਹਨ। ਜਿਸ ਕਾਰਨ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਧੂੰਏਂ ਕਾਰਨ ਲੋਕਾਂ ਨੂੰ ਖੰਘ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਹੁਣ ਕਿਹਾ ਜਾ ਰਿਹਾ ਹੈ ਕਿ ਅੱਜ ਸ਼ਾਮ ਵਧੇ ਧੂੰਏਂ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਚਲਦੀਆਂ ਹਨ
ਦੱਸ ਦੇਈਏ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਹਵਾਈ ਅੱਡੇ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਚਲਦੀਆਂ ਹਨ ਅਤੇ ਯਾਤਰੀ ਆਪਣੀ ਮੰਜ਼ਿਲ ਵੱਲ ਜਾਣ ਲਈ ਇਸ ਹਵਾਈ ਅੱਡੇ ਦੀ ਵਰਤੋਂ ਕਰਦੇ ਹਨ ਪਰ ਅਜਿਹੀ ਸਥਿਤੀ ਵਿੱਚ ਸਾਰੀਆਂ ਉਡਾਣਾਂ ਦਾ ਰੱਦ ਹੋਣਾ ਅਸਲ ਵਿੱਚ ਯਾਤਰੀਆਂ ਲਈ ਇੱਕ ਵੱਡੀ ਪ੍ਰੇਸ਼ਾਨੀ ਬਣ ਗਿਆ ਹੈ।
ਸਾਹ ਲੈਣਾ ਹੋਇਆ ਔਖਾ
ਇਸ ਦੇ ਨਾਲ ਹੀ ਜੇਕਰ ਮੌਸਮ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ 'ਚ ਹਨ। ਚੰਡੀਗੜ੍ਹ ਦੀ ਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 375 ਨੂੰ ਪਾਰ ਕਰ ਗਿਆ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਇੱਥੇ ਸਾਹ ਲੈਣਾ ਰੋਜ਼ਾਨਾ ਵੀਹ ਸਿਗਰਟਾਂ ਪੀਣ ਵਾਂਗ ਹੈ। ਜੋ ਸਿਹਤ ਲਈ ਬਹੁਤ ਖਤਰਨਾਕ ਹੈ।